ਪੱਤਰ ਪ੍ਰੇਰਕ
ਹੁਸ਼ਿਆਰਪੁਰ, 20 ਮਈ
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਲਈ ਸੇਵਾ ਕੇਂਦਰਾਂ ਵਿਚ ਵੱਖਰਾ ਕਾਊਂਟਰ ਬਣਾਇਆ ਜਾਵੇਗਾ, ਤਾਂ ਜੋ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਸੁਣ ਰਹੇ ਸਨ। ਇਸ ਮੌਕੇ ਫਰੀਡਮ ਫਾਈਟਰਜ਼ ਸਕਸੈਸਰ ਆਰਗੇਨਾਈਜੇਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤੋਂ ਇਲਾਵਾ ਹੋਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਅਤੇ ਅਹੁਦੇਦਾਰ ਮੌਜੂਦ ਸਨ। ਸੰਦੀਪ ਹੰਸ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਲਈ ਬਣੀ ‘ਫੋਟੋ ਗੈਲਰੀ’ ਨੂੰ ਵੀ ਵੱਖਰੀ ਦਿੱਖ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹਰ ਮਹੀਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੀ ਸਹੂਲਤ ਨੂੰ ਜ਼ਿਲ੍ਹੇ ਦੇ ਟੌਲ ਪਲਾਜ਼ਿਆਂ ’ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਾਰਡ ਹੋਲਡਰ ਪਰਿਵਾਰਾਂ ਲਈ ਮੁਫ਼ਤ ਬੱਸ ਸਹੂਲਤ ਵੀ ਯਕੀਨੀ ਬਣਾਈ ਜਾਵੇਗੀ।