ਪੱਤਰ ਪ੍ਰੇਰਕ
ਹੁਸ਼ਿਆਰਪੁਰ, 27 ਜੂਨ
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਲੋਕਾਂ ਤੱਕ ਬਿਹਤਰ ਨਾਗਰਿਕ ਸੇਵਾਵਾਂ ਪਹੁੰਚਾਉਣ ਲਈ ਜ਼ਿਲ੍ਹੇ ਦੇ 3 ਸੇਵਾ ਕੇਂਦਰਾਂ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿਚ ਪਿੰਡ ਘੋਗਰਾ, ਢੋਲਵਾਹਾ ਤੇ ਸ਼ਾਮਚੁਰਾਸੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ 28 ਸੇਵਾ ਕੇਂਦਰ ਲੋਕਾਂ ਨੂੰ ਨਾਗਰਿਕ ਸੇਵਾਵਾਂ ਦੇਣ ਦਾ ਕੰਮ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ, ਇਸ ਲਈ ਸਰਕਾਰ ਵਲੋਂ ਸਮੇਂ-ਸਮੇਂ ’ਤੇ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਤੋਂ ਸ਼ੁੱਕਰਵਾਰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸੇਵਾਵਾਂ ਮੁਹੱਈਆ ਕਰਵਾ ਰਹੇ ਹਨ।