ਦਵਿੰਦਰ ਪਾਲ
ਚੰਡੀਗੜ੍ਹ, 6 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਫ਼ਗਾਨਿਸਤਾਨ ’ਚ ਰਹਿੰਦੇ ਸਿੱਖਾਂ ਦੇ ਭਾਰਤ ਆਉਣ ਦਾ ਖ਼ਰਚਾ ਖੁਦ ਸਹਿਣ ਕਰੇਗੀ। ਚੰਡੀਗੜ੍ਹ ਦੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ’ਚ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਨੂੰ ਯੂਏਪੀਏ ਕਾਨੂੰਨ ਤਹਿਤ ਜੇਲ੍ਹਾਂ ’ਚ ਡੱਕਣ ਦੀ ਨਿੰਦਾ ਕਰਦਿਆਂ ਇਸ ਕਾਨੂੰਨ ਦੀ ਦੁਰਵਰਤੋਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਫ਼ਗਾਨਿਸਤਾਨ ਵੱਸਦੇ ਸਿੱਖਾਂ ਦਾ ਜੀਵਨ ਅਤੇ ਇੱਜ਼ਤ ਮਹਿਫੂਜ਼ ਨਹੀਂ ਹੈ। ਇਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਗਾਨੀ ਸਿੱਖਾਂ ਨੂੰ ਭਾਰਤ ਵਸਾਉਣ ’ਚ ਮੱਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਏਪੀਏ ਦੀ ਆੜ ਹੇਠ ਜਾਣਬੁੱਝ ਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਇਸ ਮਾਮਲੇ ਵਿਚ ਉਨ੍ਹਾਂ ਦੀ ਕਾਨੂੰਨੀ ਮੱਦਦ ਵੀ ਕਰੇਗੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਘਟਣ ਸਬੰਧੀ ਸੋਸ਼ਲ ਮੀਡੀਆ ’ਤੇ ਮਨਘੜਤ ਬਿਆਨਬਾਜ਼ੀ ਦੀ ਵੀ ਉਨ੍ਹਾਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅਜਿਹੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੌਰਾਨ ਲੌਂਗੋਵਾਲ ਨੇ ਪਟਿਆਲਾ ਨੇੜਲੇ ਪਿੰਡ ਦੇ ਗੁਰਦੁਆਰੇ ਵਿੱਚੋਂ ਛੋਟੇ ਅਕਾਰ ਦਾ ਪੁਰਾਤਨ ਸਰੂਪ ਚੋਰੀ ਹੋਣ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਆਖਿਆ ਕਿ ਕਈ ਹਫ਼ਤੇ ਬੀਤਣ ਮਗਰੋਂ ਵੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਲੋਕਾਂ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ 7 ਅਗਸਤ ਤੋਂ ਧਰਨੇ ਦਿੱਤੇ ਜਾ ਰਹੇ ਹਨ ਅਤੇ ਉਹ 8 ਅਗਸਤ ਨੂੰ ਧਰਨੇ ਦੀ ਅਗਵਾਈ ਕਰਨਗੇ।