ਗੁਰਨੇਕ ਸਿੰਘ ਵਿਰਦੀ
ਕਰਤਾਰਪੁਰ, 19 ਜੁਲਾਈ
ਇਤਿਹਾਸਕ ਸ਼ਹਿਰ ਕਰਤਾਰਪੁਰ ਵਿੱਚ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਸ਼ਹਿਰ ਵਾਸੀਆਂ ਅਤੇ ਸਿੱਖ ਸੰਗਤਾਂ ਲਈ ਇਕ ਪਾਰਕ ਬਣਾਇਆ ਜਾਵੇਗਾ ਅਤੇ ਗੁਰਦੁਆਰਾ ਸਾਹਿਬ ਦੀ ਜ਼ਮੀਨ ਵਿੱਚ ਸੁੰਦਰ ਬਾਗ਼ ਵੀ ਲਗਵਾਇਆ ਜਾਵੇਗਾ। ਇਹ ਗੱਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਗੰਗਸਰ ਸਾਹਿਬ ਵਿੱਚ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਕਰਮੀਆਂ ਨਾਲ ਗੱਲਬਾਤ ਦੌਰਾਨ ਕਹੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੇਠ ਚੱਲਦੇ ਕਰਤਾਰਪੁਰ ਦੇ ਗੁਰਦੁਆਰਾ ਸਾਹਿਬਾਨਾਂ ਦੀ ਜ਼ਮੀਨ ਦਾ ਠੇਕਾ ਅਗਲੇ ਸਾਲ ਖ਼ਤਮ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਅਤੇ ਸ਼ਹਿਰ ਵਾਸੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਸ਼ੇਸ਼ ਉਪਰਾਲੇ ਕਰਕੇ ਵਿਸ਼ਕਰਮਾ ਮਾਰਕੀਟ ਅਤੇ ਭੁਲੱਥ ਰੋਡ ਤੇ ਲੱਗਦੀ ਜ਼ਮੀਨ ਵਿੱਚ ਪਾਰਕ ਅਤੇ ਬਾਗ਼ ਦੀ ਉਸਾਰੀ ਕਰੇਗੀ। ਸਿੱਖ ਗੁਰੂ ਸਾਹਿਬਾਨਾਂ ਦਿਆ ਕਰਤਾਰਪੁਰ ਨਾਲ ਗੂੜ੍ਹੇ ਸੰਬੰਧ ਹੋਣ ਬਾਰੇ ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਜੀ ਵੱਲੋਂ ਵਸਾਇਆ ਗਿਆ ਸ਼ਹਿਰ ਹੈ। ਇੱਥੇ ਗੁਰੂ ਤੇਗ ਬਹਾਦਰ ਜੀ ਦਾ ਵਿਆਹ ਮਾਤਾ ਗੁਜਰੀ ਜੀ ਨਾਲ ਹੋਇਆ ਹੈ ਤੇ ਕਰਤਾਰਪੁਰ ਨੂੰ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਦੇ ਨਾਨਕਾ ਨਗਰ ਹੋਣ ਦਾ ਮਾਣ ਹਾਸਲ ਹੈ। ਉਨ੍ਹਾਂ ਦੱਸਿਆ ਕਿ ਮੀਰੀ ਪੀਰੀ ਦੇ ਮਾਲਕ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਇੱਥੇ ਚੌਥੀ ਜੰਗ ਲੜੀ ਸੀ। ਸ਼੍ਰੋਮਣੀ ਅਕਾਲੀ ਦਲ ਜਲੰਧਰ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਦੋਆਬੇ ਦਾ ਕਸਬਾ ਕਰਤਾਰਪੁਰ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਰੱਖਦਾ ਹੈ।