ਪਾਲ ਸਿੰਘ ਨੌਲੀ
ਜਲੰਧਰ, 5 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਦੇ ਦੇਸ਼ਿਵਆਪੀ ਸੱਦੇ ਦੇ ਚੱਲਦਿਆਂ ਜਲੰਧਰ ਵਿੱਚ ਇਸ ਨੂੰ ਭਰਵਾਂ ਹੁੰਗਾਰਾ ਮਿਲਿਆ। ਨੈਸ਼ਨਲ ਹਾਈਵੇਅ ’ਤੇ ਦੁਪਹਿਰ 12 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਸੁੰਨਸਾਨ ਛਾਈ ਰਹੀ। ਕੁਝ ਬੱਸਾਂ ਤੇ ਟਰੱਕ ਨੈਸ਼ਨਲ ਹਾਈਵੇਅ ’ਤੇ ਲੱਗੇ ਜਾਮ ਕਾਰਨ ਖੜ੍ਹੇ ਰਹੇ। ਹਾਲਾਂਕਿ ਕਿਸਾਨਾਂ ਨੇ ਕਿਸੇ ਵੀ ਐਂਬੂਲੈਂਸ ਦਾ ਰਾਹ ਨਹੀਂ ਰੋਕਿਆ। ਜਲੰਧਰ ਵਿੱਚ ਪੀਏਪੀ ਚੌਕ ਕੋਲ ਨੈਸ਼ਨਲ ਹਾਈਵੇਅ ’ਤੇ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਲਾਏ ਗਏ ਜਾਮ ਦੌਰਾਨ ਫ਼ੌਜ ਦੇ ਕਾਫ਼ਲੇ ਨੂੰ ਵੀ ਵਾਪਸ ਮੁੜਨਾ ਪਿਆ। ਇਸੇ ਤਰ੍ਹਾਂ ਇੱਕ ਉੱਚ ਪੁਲੀਸ ਅਧਿਕਾਰੀ ਨੂੰ ਵੀ ਕਿਸਾਨਾਂ ਨੇ ਜਾਮ ਦੌਰਾਨ ਲੰਘਣ ਨਹੀਂ ਦਿੱਤਾ।
ਬੁਲਾਰਿਆਂ ਨੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਲਈ ਲੋਕਾਂ ਨੂੰ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਇਕਸੁਰ ਹੁੰਦਿਆਂ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੀ ਮੋਦੀ ਸਰਕਾਰ ਗੱਲ ਕਰਨ ਨੂੰ ਤਿਆਰ ਨਹੀਂ ਸਗੋਂ ਪੰਜਾਬ ਦੇ ਲੋਕਾਂ ਕੋਲੋਂ ਬਦਲਾ ਲੈਣ ਦੀ ਨੀਅਤ ਨਾਲ ਅਧਿਕਾਰਤ ਤੌਰ ’ਤੇ ਮਾਲ ਗੱਡੀਆਂ ਰੋਕ ਦਿੱਤੀਆਂ ਹਨ ਜਿਸ ਨਾਲ ਜ਼ਰੂਰੀ ਵਸਤਾਂ, ਯੂਰੀਆ, ਕੋਇਲਾ ਤੇ ਹੋਰ ਚੀਜ਼ਾਂ ਦੀ ਸਪਲਾਈ ਠੱਪ ਹੋ ਗਈ ਹੈ। ਪੀਏਪੀ ਚੌਕ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਨਰਲ ਸਕੱਤਰ ਕੁਲਵਿੰਦਰ ਸਿੰਘ, ਮੁੱਖ ਬੁਲਾਰੇ ਕਸ਼ਮੀਰ ਸਿੰਘ ਅਤੇ ਹੋਰ ਨੌਜਵਾਨਾਂ ਨੇ ਕਿਹਾ ਕਿ ਖੇਤੀ ਬਾਰੇ ਬਣਾਏ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜਲੰਧਰ ਛਾਉਣੀ ਤੋਂ ਵਿਧਾਇਕ ਪ੍ਰਗਟ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਪਣੇ ਹੀ ਦੇਸ਼ ਦੇ ਲੋਕਾਂ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਕੰਮ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆ ਕਿ ਦੋਆਬੇ ਵਿਚ ਦਰਜਨ ਤੋਂ ਵੱਧ ਥਾਵਾਂ ’ਤੇ ਕਿਸਾਨਾਂ ਵੱਲੋਂ ਕੀਤਾ ਗਿਆ ਚੱਕਾ ਜਾਮ ਪੂਰੀ ਤਰ੍ਹਾਂ ਸਫਲ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਦੀ ਅਗਵਾਈ ’ਚ ਲੋਹੀਆਂ ਟੀ-ਪੁਆਇੰਟ ’ਤੇ ਚੱਕਾ ਜਾਮ ਕੀਤਾ ਗਿਆ।
ਖੇਤੀ ਕਾਨੂੰਨ ਅਰਥਚਾਰਾ ਤਬਾਹ ਕਰਨਗੇ: ਕਿਸਾਨ ਆਗੂ
ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪਿੰਡ ਮਾਲੜੀ ਦੇ ਨੇੜੇ ਜਲੰਧਰ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਦਿੱਤੇ ਧਰਨੇ ਵਿੱਚ ਖੇਤ ਮਜ਼ਦੂਰ, ਅਧਿਆਪਕ, ਬਿਜਲੀ ਕਾਮੇ ਅਤੇ ਤਰਕਸ਼ੀਲ ਕਾਰਕੁਨ ਵੀ ਸ਼ਾਮਲ ਹੋਏ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਤੇ ਬਿਜਲੀ ਸੋਧ ਬਿੱਲ ਨਾਲ ਦੇਸ਼ ਦਾ ਸਮੁੱਚਾ ਅਰਥਚਾਰਾ ਹੀ ਤਬਾਹ ਹੋ ਜਾਵੇਗਾ ਕਿਉਂਕਿ ਕੇਂਦਰੀ ਹਕੂਮਤ ਵੱਲੋਂ ਆਏ ਦਿਨ ਲੋਕ ਵਿਰੋਧੀ ਕਾਨੂੰਨ ਲਿਆ ਕੇ ਕਿਰਤੀਆਂ ਦਾ ਉਜਾੜਾ ਅਤੇ ਕਾਰਪੋਰੇਟਾਂ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।