ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 3 ਨਵੰਬਰ
ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਅਹਿਮ ਮਸਲਿਆਂ ਨੂੰ ਠੰਢੇ ਬਸਤੇ ਵਿੱਚ ਪਾਉਣ ਅਤੇ ਹੱਕੀ ਮੰਗਾਂ ਪ੍ਰਤੀ ਡੰਗ ਟਪਾਊ ਨੀਤੀਆਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ 9 ਨਵੰਬਰ ਨੂੰ ਬਰਨਾਲਾ ਵਿੱਚ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਅਤੇ ਸਕੱਤਰ ਅਨਿਲ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਰਹਿੰਦੇ 11 ਫੀਸਦੀ ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ ਅਤੇ ਪੇਂਡੂ ਭੱਤੇ ਸਮੇਤ ਕੱਟੇ ਭੱਤੇ ਬਹਾਲ ਕਰਨ ਦੀ ਮੰਗ ਦੇ ਨਾਲ ਪੇਅ ਕਮਿਸ਼ਨ ਦਾ ਬਕਾਇਆ ਦੇਣ ਤੇ ਜਨਵਰੀ 2004 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਦੇਣ ਦੀ ਮੰਗ ਕੀਤੀ ਗਈ ਹੈ। ਸੀਨੀਅਰ ਮੀਤ ਪ੍ਰਧਾਨ ਜੋਤੀ ਮਹਿੰਦਰੂ ਤੇ ਮੀਤ ਪ੍ਰਧਾਨ ਰੋਸ਼ਨ ਲਾਲ ਬੇਗੋਵਾਲ ਨੇ ਸੂਬਾ ਕਮੇਟੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ ਤਹਿਤ ਮਿਡਲ ਸਕੂਲਾਂ ਨੂੰ ਹਾਈ ਸਕੂਲ ਵਿੱਚ ਮਰਜ਼ ਕਰਨ ਦੀ ਕਵਾਇਦ ਕੀਤੀ ਜਾ ਰਹੀ ਹੈ। ਇਸ ਦੇ ਵਿਰੋਧ ਅਤੇ ਹੋਰ ਮੰਗਾਂ ਦੇ ਹੱਕ ’ਚ 9 ਨਵੰਬਰ ਨੂੰ ਬਰਨਾਲਾ ਵਿੱਚ ਸੂਬਾ ਪੱਧਰੀ ਰੈਲੀ ਕਰ ਕੇ ਸਰਕਾਰੀ ਨੀਤੀਆਂ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।