ਜਸਬੀਰ ਸਿੰਘ ਸੱਗੂ
ਅੰਮ੍ਰਿਤਸਰ, 15 ਸਤੰਬਰ
ਜ਼ਿਲ੍ਹੇ ਵਿੱਚ ਵਧ ਰਹੇ ਡੇਂਗੂ ਦੇ ਕੇਸਾਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਪੰਜਾਬ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਪੂਰੇ ਸ਼ਹਿਰ ਵਿਚ ਫੌਗਿੰਗ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ। ਜਿੱਥੇ ਵੀ ਪਾਣੀ ਖੜ੍ਹਾ ਰਹਿੰਦਾ ਹੈ, ਉਨ੍ਹਾਂ ਥਾਵਾਂ ’ਤੇ ਸਪਰੇਅ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਸਖ਼ਤ ਲਹਿਜੇ ਵਿੱਚ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਇਲਾਜ਼ ਲਈ ਬੈਡ ਰਾਖਵੇਂ ਰੱਖੇ ਜਾਣ ਅਤੇ ਰੋਜ਼ਾਨਾਂ ਸ਼ਹਿਰ ਦੇ 20 ਵਾਰਡਾਂ ਵਿੱਚ ਫੌਗਿੰਗ ਯਕੀਨੀ ਬਣਾਈ ਜਾਵੇ।
ਮੰਤਰੀ ਸੋਨੀ ਨੇ ਡੇਂਗੂ ਕੇਸਾਂ ਵਿਚ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਤੇ ਡਾਕਟਰਾਂ ਦੇ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਦੀ ਚੇਤਾਵਨੀ ਦਿੱਤੀ। ਉਨਾਂ ਕਿਹਾ ਕਿ ਜਿੰਨ੍ਹਾਂ ਸਥਾਨਾਂ ’ਤੇ ਡੇਂਗੂ ਦਾ ਲਾਰਵਾ ਮਿਲਦਾ ਹੈ, ਉਨਾਂ ਦੇ ਚਾਲਾਨ ਕੀਤੇ ਜਾਣ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਕਿ ਜਿੱਥੇ ਵੀ ਸਿਹਤ ਵਿਭਾਗ ਕਹੇ, ਤੁਰੰਤ ਮੱਛਰ ਮਾਰ ਦਵਾਈ ਦੀ ਸਪਰੇਅ ਕੀਤੀ ਜਾਵੇ।