ਹੁਸ਼ਿਆਰਪੁਰ: ਸੋਸ਼ਲਿਸਟ ਪਾਰਟੀ ਆਫ ਇੰਡੀਆ ਸੱਤ ਸਤੰਬਰ ਨੂੰ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਚੱਲਣ ਵਾਲੀ ‘ਨਫਰਤ ਤੋੜੋ ਭਾਰਤ ਜੋੜੋ’ ਮੁਹਿੰਮ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਵੇਗੀ। ਇਹ ਫ਼ੈਸਲਾ ਪਾਰਟੀ ਦੀ ਸੂਬਾ ਕਮੇਟੀ ਦੀ ਅੱਜ ਇੱਥੇ ਸੂਬਾ ਪ੍ਰਧਾਨ ਓਮ ਸਿੰਘ ਸਟਿਆਣਾ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ 17 ਤੇ 18 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਕੌਮੀ ਕਾਰਜਕਾਰਨੀ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਭਾਰਤ ਦੇ ਸਾਰੇ ਪ੍ਰਾਂਤਾਂ ਤੋਂ ਡੈਲੀਗੇਟ ਸ਼ਾਮਲ ਹੋਣਗੇ। ਪਾਰਟੀ ਦੇ ਸੂਬਾ ਸਕੱਤਰ ਬਲਰਾਜ ਸਿੰਘ ਨੰਗਲ ਨੇ ਕਿਹਾ ਕਿ ‘ਨਫਰਤ ਤੋੜੋ ਭਾਰਤ ਜੋੜੋ’ ਮੁਹਿੰਮ ਦੀ ਮਜ਼ਬੂਤੀ ਲਈ ਪੰਜਾਬ ਭਰ ਵਿਚ ਬੈਠਕਾਂ ਕੀਤੀਆਂ ਜਾਣਗੀਆਂ। -ਪੱਤਰ ਪ੍ਰੇਰਕ