ਪੱਤਰ ਪ੍ਰੇਰਕ
ਸ਼ਾਹਕੋਟ, 12 ਅਕਤੂਬਰ
ਮਜ਼ਦੂਰਾਂ ਦੀਆਂ ਮੰਗਾਂ ਪ੍ਰਤੀ ਸਰਕਾਰ ਵੱਲੋਂ ਧਾਰਨ ਕੀਤੇ ਬੇਰੁਖੇ ਵਤੀਰੇ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਅੱਜ ਸੂਬਾ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ। ਮੋਰਚੇ ਵਿਚ ਸ਼ਾਮਲ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਮਲਸੀਆਂ, ਮਾਲੜੀ ਅਤੇ ਰਸੂਲਪੁਰ ਕਲਾਂ ਵਿਚ ਸਰਕਾਰ ਦੀਆਂ ਅਰਥੀਆਂ ਫੂਕ ਕੇ ਆਪਣੇ ਰੋਹ ਦਾ ਪ੍ਰਗਟਾਵਾ ਕੀਤਾ। ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ, ਇਲਾਕਾ ਪ੍ਰਧਾਨ ਹਰਪਾਲ ਬਿੱਟਾ ਆਦਿ ਨੇ ਸੰਬੋਧਨ ਕਰਦਿਆਂ ‘ਆਪ’ ਸਰਕਾਰ ਨੂੰ ਵੀ ਪਹਿਲੀਆਂ ਸਰਕਾਰਾਂ ਵਾਂਗ ਨਖਿੱਧ ਸਰਕਾਰ ਐਲਾਨਦਿਆਂ ਕਿਹਾ ਕਿ ਕਿਸੇ ਵੀ ਵਰਗ ਨਾਲ ਇਨਸਾਫ ਨਾ ਕੀਤੇ ਜਾਣ ਕਾਰਨ ਹਰ ਵਰਗ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 3 ਅਕਤੂਬਰ ਨੂੰ ਸਾਂਝੇ ਮੋਰਚੇ ਨਾਲ ਮੀਟਿੰਗ ਕਰਕੇ ਮਜ਼ਦੂਰਾਂ ਦੀਆਂ ਮੰਗਾਂ ਦੇ ਨਿਪਟਾਰੇ ਕੀਤੇ ਜਾਣ ਦਾ ਵਾਅਦਾ ਕਰਨ ਵਾਲੇ ਮੁੱਖ ਮੰਤਰੀ ਹੁਣ ਮੀਟਿੰਗ ਕਰਨ ਤੋਂ ਵੀ ਇਨਕਾਰੀ ਹੋਈ ਬੈਠੇ ਹਨ, ਜਿਸ ਕਾਰਨ ਉਨ੍ਹਾਂ ਨੂੰ ਸਰਕਾਰ ਦੀਆਂ ਅਰਥੀਆਂ ਸਾੜਨੀਆਂ ਪੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਾਲਵਣਜਾਰਾ ਵਿੱਚ 18 ਅਕਤੂਬਰ ਨੂੰ ਕੀਤੇ ਜਾਣ ਵਾਲੇ ਪ੍ਰੋਗਰਾਮ ਵਿਚ ਕਾਲੇ ਝੰਡਿਆਂ ਨਾਲ ਵਿਰੋਧ ਕਰਨਗੇ।
ਆਦਮਪੁਰ ਦੋਆਬਾ (ਜਲੰਧਰ) (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਮਜ਼ਦੂਰਾਂ ਨੂੰ ਅਣਗੌਲਿਆ ਕਰਕੇ ਚੋਣਾਂ ਵਿੱਚ ਕੀਤੀਆਂ ਗਈਆਂ ਗਾਰੰਟੀਆਂ ਵਫ਼ਾ ਨਾ ਹੋਣ ਵਿਰੁੱਧ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ’ਤੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ।