ਦਵਿੰਦਰ ਸਿੰਘ
ਰਈਆ, 2 ਸਤੰਬਰ
ਪਿਛਲੇ ਪੰਜ ਮਹੀਨਿਆਂ ਤੋਂ ਡੈਮੋਕ੍ਰੈਟਿਕ ਜੰਗਲਾਤ ਵਿਭਾਗ ਦੇ ਕੱਚੇ ਵਰਕਰਾਂ ਨੂੰ ਤਨਖ਼ਾਹਾਂ ਨਾ ਮਿਲਣ ਤੋਂ ਅੱਕੇ ਵਰਕਰਾਂ ਵੱਲੋਂ ਸਥਾਨਕ ਨਹਿਰੀ ਪੁਲ ’ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ ਅਤੇ ਸਰਕਾਰ ਦੇ ਫੋਕੇ ਦਾਅਵਿਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸੁੱਖਾ ਸਿੰਘ ਲੋਹਗੜ੍ਹ ਅਤੇ ਕੁੰਨਣ ਸਿੰਘ ਨੇ ਕਿਹਾ ਕਿ ਜੰਗਲਾਤ ਦੇ ਵਰਕਰਾਂ ਨੂੰ ਪਿਛਲੇ ਪੰਜ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਵਰਕਰਾਂ ਦੇ ਚੁੱਲ੍ਹੇ ਠੰਢੇ ਹੋ ਚੁੱਕੇ ਹਨ, ਬੱਚੇ ਸਕੂਲ ਨਹੀਂ ਜਾ ਰਹੇ, ਮਹਿੰਗਾਈ ਦੇ ਇਸ ਯੁੱਗ ਵਿੱਚ ਦੋ ਵਕਤ ਦੀ ਰੋਟੀ ਮਿਲਣੀ ਔਖੀ ਹੋ ਗਈ ਹੈ ਪਰ ਪੰਜਾਬ ਸਰਕਾਰ ਵੱਲੋਂ ਜੰਗਲਾਤ ਵਿਭਾਗ ਦੇ ਵਰਕਰਾਂ ਦੀਆਂ ਤਨਖ਼ਾਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਨੇ ਕਿਹਾ ਕਿ ਜੰਗਲਾਤ ਵਿਭਾਗ ਵਿੱਚ ਕੰਮ ਕਰਦੇ ਕੱਚੇ ਵਰਕਰਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਢਿੱਲ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜੰਗਲਾਤ ਵਿਭਾਗ ਵਿਚ ਕੰਮ ਕਰਦੇ ਵਰਕਰਾਂ ਨੂੰ ਫ਼ੌਰੀ ਬਜਟ ਅਲਾਟ ਨਾ ਕੀਤਾ ਗਿਆ ਤਾਂ ਜਥੇਬੰਦੀ ਨੂੰ ਮਜਬੂਰ ਹੋ ਕੇ ਸੰਘਰਸ਼ ਤਿੱਖਾ ਕਰਨਾ ਪਵੇਗਾ। ਆਗੂਆਂ ਨੇ ਕਿਹਾ ਕਿ 10 ਸਤੰਬਰ ਨੂੰ ਸਾਂਝੇ ਮੋਰਚੇ ਦੀ ਸੰਗਰੂਰ ਰੈਲੀ ਵਿੱਚ ਜੰਗਲਾਤ ਵਰਕਰ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਗੁਰਦੀਪ ਸਿੰਘ ਕਲੇਰ, ਕੁਲਬੀਰ ਸਿੰਘ ਤਰਸਿੱਕਾ, ਕੁਲਵੰਤ ਸਿੰਘ, ਲੱਖਾ ਸਿੰਘ, ਬਾਬਾ ਗੁਲਜ਼ਾਰ ਸਿੰਘ, ਪ੍ਰਤਾਪ ਸਿੰਘ ਗੱਗੜ ਭਾਣਾ, ਮੰਗਤ ਸਿੰਘ ਅਤੇ ਮਿਹਰ ਸਿੰਘ ਆਦਿ ਆਗੂ ਤੇ ਵਰਕਰ ਹਾਜ਼ਰ ਸਨ।