ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 18 ਸਤੰਬਰ
ਬਲਾਚੌਰ ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਸਬੰਧੀ ਖਰੜੇ ਦੀ ਪ੍ਰਕਾਸ਼ਨਾ ਕਰ ਦਿੱਤੀ ਗਈ ਹੈ ਅਤੇ ਆਮ ਜਨਤਾ ਦੀ ਜਾਣਕਾਰੀ ਲਈ ਵੋਟਰ ਸੂਚੀਆਂ ਦੇ ਖਰੜੇ ਦੀਆਂ ਕਾਪੀਆਂ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਬਲਾਚੌਰ ਦੇ ਦਫਤਰ ਅਤੇ ਨਗਰ ਕੌਂਸਲ, ਬਲਾਚੌਰ ਦੇ ਦਫਤਰ ਵਿਖੇ ਦੇਖੀਆਂ ਜਾ ਸਕਦੀਆਂ ਹਨ, ਜਿਸ ਸਬੰਧੀ ਨਿਰਧਾਰਤ ਫਾਰਮਾਂ ਉਪਰ ਦਾਅਵੇ ਅਤੇ ਇਤਰਾਜ਼ 22 ਸਤੰਬਰ ਤੱਕ ਦਿੱਤੇ ਜਾ ਸਕਦੇ ਹਨ। ਇਹ ਜਾਣਕਾਰੀ ਚੋਣਕਾਰ ਰਜਿਸਟ੍ਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ ਬਲਾਚੌਰ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਸਾਂਝੀ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 6 ਅਕਤੂਬਰ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾ 16 ਅਕਤੂਬਰ ਨੂੰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਲਈ ਯੋਗਤਾ ਮਿਤੀ ਪਹਿਲੀ ਜਨਵਰੀ 2023 ਅਨੁਸਾਰ ਵਿਧਾਨ ਸਭਾ ਦੀਆਂ ਵੋਟਰ ਸੂਚੀਆਂ ਨੂੰ ਅਧਾਰ ਮੰਨਦੇ ਹੋਏ ਫੋਟੋ ਵੋਟਰ ਸੂਚੀਆਂ ਤਿਆਰ ਕਰਵਾਈਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਵੋਟ ਨਹੀਂ ਬਣੀ ਅਤੇ ਉਹ ਵੋਟ ਬਣਾਉਣ ਦੇ ਯੋਗ ਹਨ, ਉਹ ਨਿਰਧਾਰਤ ਫਾਰਮ ਨੰਬਰ 7, 8 ਅਤੇ 9 ਭਰ ਕੇ 22 ਸਤੰਬਰ ਤੱਕ ਉਨ੍ਹਾਂ ਦੇ ਦਫ਼ਤਰ ਪਾਸ ਜਮ੍ਹਾਂ ਕਰਵਾ ਸਕਦੇ ਹਨ।