ਸੁਰਜੀਤ ਮਜਾਰੀ
ਬੰਗਾ, 22 ਮਾਰਚ
ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਖਟਕੜ ਕਲਾਂ ਵਿੱਚ 23 ਮਾਰਚ ਨੂੰ ਸਵੇਰੇ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕਰਨਗੇ। ਇਸ ਦੌਰਾਨ ਉਹ ਨਵਾਂਸ਼ਹਿਰ-ਬੰਗਾ ਰੋਡ ਤੋਂ ਖਟਕੜ ਕਲਾਂ ਸੜਕ ਦਾ ਨਾਮ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ’ ਦੇ ਨਾਮ ’ਤੇ ਰੱਖਣ ਦੀ ਰਸਮ ਵੀ ਅਦਾ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਸ਼ਹੀਦੀ ਦਿਵਸ ਮੌਕੇ ਇਕੱਠ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ, ਖਟਕੜ ਕਲਾਂ ਵਿੱਚ ਐੱਸਡੀਐੱਮ ਬੰਗਾ ਵਿਰਾਜ ਤਿੜਕੇ ਅਤੇ ਸਹਾਇਕ ਕਮਿਸ਼ਨਰ ਦੀਪਜੋਤ ਕੌਰ ਨੇ ਸ਼ਹੀਦਾਂ ਨੂੰ ਸ਼ਰਧਾ ਸੁਮਨ ਅਰਪਿਤ ਕਰਨ ਲਈ ਕੀਤੀ ਜਾ ਰਹੀ ਸਜਾਵਟ ਅਤੇ ਹੋਰਨਾਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਵਿਪਨ ਭੰਡਾਰੀ, ਸਹਾਇਕ ਸਿਵਲ ਸਰਜਨ ਡਾ. ਬਲਵਿੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਐਕਸੀਅਨ ਪਬਲਿਕ ਹੈਲਥ ਰੋਹਿਤ ਕੁਮਾਰ, ਐੱਸਡੀਓ ਮੰਡੀ ਬੋਰਡ ਰੁਪਿੰਦਰ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।