ਪੱਤਰ ਪ੍ਰੇਰਕ
ਹੁਸ਼ਿਆਰਪੁਰ, 7 ਜੁਲਾਈ
ਕੱਚੇ ਦਫ਼ਤਰੀ ਮੁਲਾਜ਼ਮਾਂ ਤੇ ਅਧਿਆਪਕਾਂ ਦੀ ਕਲਮਛੋੜ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਨੇ ਅੱਜ ਕੰਮਕਾਜ ਠੱਪ ਰੱਖਿਆ। ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਪਿਛਲੇ ਕਰੀਬ 10 ਮਹੀਨਿਆਂ ਤੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਪ੍ਰਚਾਰ ਕਰਦੀ ਆ ਰਹੀ ਹੈ ਜਦੋਂਕਿ ਅਜਿਹਾ ਕੁੱਝ ਨਹੀਂ ਹੋਇਆ। ਸਰਵ ਸਿਖਿਆ ਅਭਿਆਨ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਅਮਿਤ ਸੈਣੀ ਨੇ ਕਿਹਾ ਕਿ ਮਾਨ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਜ਼ ’ਤੇ ਚੱਲ ਰਹੀ ਹੈ ਅਤੇ ਦਫ਼ਤਰੀ ਕਰਮਚਾਰੀਆਂ ਦੀ ਤਨਖਾਹ ਵਿਚ ਕਟੌਤੀ ਕੀਤੀ ਜਾ ਰਹੀ ਹੈ।
ਧਾਰੀਵਾਲ (ਪੱਤਰ ਪ੍ਰੇਰਕ): ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੇ ਜਨਰਲ ਸਕੱਤਰ ਅਸ਼ਵਨੀ ਫੱਜੂਪੁਰ ਨੇ ਕੱਚੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ ਦੀ ਹਮਾਇਤ ਕੀਤੀ ਹੈ।
ਗੁਰਾਇਆ (ਨਿੱਜੀ ਪੱਤਰ ਪ੍ਰੇਰਕ): ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਪ੍ਰਾਇਮਰੀ ਸਿੱਖਿਆ ਦਫ਼ਤਰ ਦੇ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਦਫ਼ਤਰੀ ਕਰਮਚਾਰੀਆਂ ਨੂੰ ਬਿਨਾ ਸ਼ਰਤ ਪੂਰੇ ਗਰੇਡਾਂ ਵਿੱਚ ਤੁਰੰਤ ਰੈਗੂਲਰ ਕੀਤਾ ਜਾਵੇ। ਇਸ ਮੌਕੇ ਪੈਨਸ਼ਨਰ ਕੁਲਦੀਪ ਸਿੰਘ ਕੌੜਾ, ਤਾਰਾ ਸਿੰਘ ਬੀਕਾ, ਸੀਤਲ ਰਾਮ ਬੰਗਾ,ਰਤਨ ਸਿੰਘ, ਸਤਪਾਲ ਮਹਿਮੀ ਆਦਿ ਹਾਜ਼ਰ ਸਨ।