ਪੱਤਰ ਪ੍ਰੇਰਕ
ਫਿਲੌਰ, 5 ਸਤੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਅੱਜ ਪਿੰਡ ਸ਼ਾਹਪੁਰ ਦੇ ਸਰਕਾਰੀ ਮਿਡਲ ਸਕੂਲ ਅੱਗੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਸਹਾਇਕ ਵਿੱਤ ਸਕੱਤਰ ਨਿਰਮੋਲਕ ਸਿੰਘ ਹੀਰਾ ਨੇ ਕਿਹਾ ਕਿ ਮੌਜੂਦਾ ਸਰਕਾਰ ਵੀ ਪਹਿਲੀਆਂ ਰਵਾਇਤੀ ਪਾਰਟੀਆਂ ਦੀ ਸਰਕਾਰਾਂ ਦੇ ਰਾਹ ’ਤੇ ਹੀ ਚੱਲ ਰਹੀ ਹੈ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਸਾਂਝੀਆਂ ਅਧਿਆਪਕ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਲਾਰਾ ਲਾਊ ਪਹੁੰਚ ਅਪਣਾ ਕੇ ਹੀ ਆਪਣਾ ਟਾਈਮ ਪਾਸ ਕਰ ਰਹੀ ਹੈ। ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਹਰ ਪ੍ਰਕਾਰ ਦੇ ਮੁਲਾਜ਼ਮਾਂ ਉੱਤੇ ਨਿੱਤ ਪ੍ਰਤੀ ਦਿਨ ਤਸ਼ਦੱਦ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮੰਗ ਪੱਤਰ ਵਿੱਚ ਦਰਜ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੱਜ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦੇ ਲਾਰਿਆਂ ਦੀਆਂ ਪੰਡਾਂ ਫੂਕੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਜਾ ਸਕੇ। ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਪੰਜਾਬ ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਦਸ ਸਤੰਬਰ ਦੀ ਸੰਗਰੂਰ ਸੂਬਾਈ ਰੈਲੀ ਵਿੱਚ ਸਮੂਹ ਮੁਲਾਜ਼ਮਾਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਮਨਦੀਪ ਕੌਰ, ਰਘਬੀਰ ਕੌਰ, ਫੂਲਾ ਰਾਣੀ, ਪਰਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।