ਫ਼ਸਲ ਦਾ ਝਾੜ ਵਧਣ ਨਾਲ ਕਿਸਾਨ ਗਦਗਦ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਅਕਤੂਬਰ
ਇਲਾਕੇ ਦੇ ਕਿਸਾਨਾਂ ਨੇ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਪਰਾਲੀ ਨੂੰ ਘੱਟ ਸਾੜਿਆ ਹੈ ਅਤੇ ਪਰਾਲੀ ਨੂੰ ਖੇਤਾਂ ਵਿੱਚ ਵਹਾਉਣ ਦਾ ਰੁਝਾਨ ਵਧਿਆ ਹੈ। ਖੇਤਾਂ ਵਿੱਚ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਕਹਿਣਾ ਹੈ ਇਸ ਨਾਲ ਨਾ ਸਿਰਫ਼ ਖਾਦ ’ਤੇ ਖਰਚ ਹੋਣ ਵਾਲੇ ਪੈਸੇ ਦੀ ਬੱਚਤ ਹੋ ਰਹੀ ਹੈ ਸਗੋਂ ਉਨ੍ਹਾਂ ਦੇ ਖੇਤਾਂ ਵਿਚਲੀ ਮਿੱਟੀ ਦੀ ਸਿਹਤ ਵਿਚ ਵੀ ਸੁਧਾਰ ਹੋਇਆ ਹੈ।
ਕਿਸਾਨ ਅਮਰਜੀਤ ਸਿੰਘ ਨੇ ਦੱਸਿਆ ਕਿ ਉਹ 2012 ਤੋਂ ਇਨ-ਸੀਟੂ ਤਕਨੀਕ ਰਾਹੀਂ ਪਰਾਲੀ ਦਾ ਪ੍ਰਬੰਧਨ ਕਰ ਰਿਹਾ ਹੈ। ਇਸੇ ਕਰਕੇ ਹੁਣ ਉਸ ਵੱਲੋਂ ਖੇਤ ਵਿੱਚ 50 ਫੀਸਦੀ ਘੱਟ ਡੀਏਪੀ ਅਤੇ ਯੂਰੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੋਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੁਪਰ ਐੱਸਐੱਮਐੱਸ ਦੀ ਵਰਤੋਂ ਕਰਨ ਤੋਂ ਬਾਅਦ 38 ਏਕੜ ਵਿੱਚ ਕਣਕ ਦੀ ਬਿਜਾਈ ਲਈ ਮਲਚਰ ਅਤੇ ਐੱਮਬੀ ਪਲੋਅ ਦੀ ਵਰਤੋਂ ਕਰਕੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕੁਝ ਖੇਤਾਂ ਵਿੱਚ ਐੱਸਐੱਮਐੱਸ ਤਕਨੀਕ ਰਾਹੀਂ ਕਟਾਈ ਤੋਂ ਬਾਅਦ ਸੁਪਰਸੀਡਰ ਦਾ ਇਸਤੇਮਾਲ ਕੀਤਾ ਜਾਵੇਗਾ। ਕਿਸਾਨ ਨੇ ਦੱਸਿਆ ਕਿ ਫ਼ਸਲ ਦਾ ਝਾੜ 1 ਤੋਂ 1.5 ਕੁਇੰਟਲ ਪ੍ਰਤੀ ਏਕੜ ਤੱਕ ਵਧ ਗਿਆ ਹੈ ਅਤੇ ਬਰਸਾਤੀ ਪਾਣੀ ਠਹਿਰਣ ਦੀ ਵੀ ਕੋਈ ਸਮੱਸਿਆ ਨਹੀਂ ਹੈ।
ਇਸੇ ਤਰ੍ਹਾਂ ਪਿੰਡ ਕਾਲਾ ਬੱਕਰਾ ਦਾ ਕਿਸਾਨ ਦਵਿੰਦਰ ਸਿੰਘ ਧਾਲੀਵਾਲ ਵੀ 2012 ਤੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਾਂ ਦੀ ਵਰਤੋਂ ਕਰ ਰਿਹਾ ਹੈ। 50 ਏਕੜ ਵਿੱਚ ਕਣਕ ਅਤੇ 60 ਏਕੜ ਵਿੱਚ ਆਲੂ ਦੀ ਕਾਸ਼ਤ ਕਰਨ ਵਾਲੇ ਇਸ ਕਿਸਾਨ ਨੇ ਫ਼ਸਲਾਂ ਦੀ ਰਹਿੰਦ-ਖੂਹੰਦ ਦੇ ਪ੍ਰਬੰਧਨ ਦੇ ਫਾਇਦਿਆਂ ਬਾਰੇ ਆਪਣਾ ਤਜ਼ਰਬਾ ਸਾਂਝੇ ਕਰਦਿਆਂ ਕਿਹਾ ਕਿ ਉਸ ਦੇ ਖੇਤ ਦੀ ਮਿੱਟੀ ਦੀ ਗੁਣਵੱਤਾ ਅਤੇ ਸਿਹਤ ਵਿਚ ਸੁਧਾਰ ਹੋਇਆ ਹੈ। ਇਸ ਤੋਂ ਇਲਾਵਾ ਕਣਕ ਦੀ ਫ਼ਸਲ ਦੇ ਨਾਲ-ਨਾਲ ਆਲੂ ਦੇ ਝਾੜ ਵਿੱਚ ਵੀ ਕਾਫ਼ੀ ਵਾਧਾ ਹੋਇਆ ਹੈ ਅਤੇ ਖਾਦਾਂ ਦੀ ਲਾਗਤ ਘੱਟ ਗਈ ਹੈ।
ਦਿਆਲਪੁਰ ਦੇ ਸੁਖਵਿੰਦਰ ਸਿੰਘ ਅਤੇ ਪਿੰਡ ਉਧੋਪੁਰ ਦੇ ਤਰਲੋਚਨ ਸਿੰਘ ਨੇ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਦਕਾ ਉਹ ਘੱਟ ਖਾਦਾਂ ਦੀ ਵਰਤੋਂ ਨਾਲ ਵਧੀਆ ਝਾੜ ਪ੍ਰਾਪਤ ਕਰ ਰਹੇ ਹਨ। ਪਿੰਡ ਅਡਰਾਮਨ ਦੇ ਹਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਸੁਪਰ ਐੱਸਐੱਮਐੱਸ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਉਸ ਵੱਲੋਂ ਸੁਪਰਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਵੇਗੀ। ਉਸ ਨੇ ਹੋਰਨਾਂ ਕਿਸਾਨਾਂ ਨੂੰ ਵੀ ਕਿਰਾਏ ’ਤੇ ਮਸ਼ੀਨ ਮੁਹੱਈਆ ਕਰਵਾਉਣ ਦੀ ਗੱਲ ਕਹੀ।
ਕਿਸਾਨਾਂ ਦੀ 80 ਕਰੋੜ ਦੀ ਹੋ ਸਕਦੀ ਹੈ ਬੱਚਤ: ਖੇਤੀਬਾੜੀ ਅਫਸਰ
ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਸਮੁੱਚੇ ਕਿਸਾਨ ਜਲੰਧਰ ਵਿੱਚ ਇਨ੍ਹਾਂ ਤਕਨੀਕਾਂ ਨੂੰ ਅਪਣਾ ਲੈਣ, ਜੋ ਕਿ 4.25 ਲੱਖ ਏਕੜ ਰਕਬਾ ਹੈ, ਤਾਂ 80 ਕਰੋੜ ਰੁਪਏ ਦੀ ਬੱਚਤ ਕੀਤੀ ਜਾ ਸਕਦੀ ਹੈ, ਜੋ ਕਿ ਕਿਸਾਨ ਪੌਸ਼ਟਿਕ ਤੱਤਾਂ ਜਿਵੇਂ ਨਾਈਟ੍ਰੋਜਨ, ਫਾਸਫੋਰਸ ਅਤੇ ਪੋਟਾਸ਼ ਦੀ ਖਰੀਦ ’ਤੇ ਖਰਚ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਦਕਾ ਮੁੱਖ ਪੌਸ਼ਟਿਕ ਤੱਤਾਂ ਤੋਂ ਇਲਾਵਾ ਸੂਖਮ ਪੌਸ਼ਟਿਕ ਤੱਤਾਂ ਦੀ ਉਪਲਬਧਤਾ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।
ਫੋਟ- ਕਿਸਾਨ ਹਰਵਿੰਦਰ ਸਿੰਘ ਖੇਤਾਂ ਵਿੱਚ ਪਰਾਲੀ ਵਾਹੁਣ ਦੇ ਗੁਣ ਦੱਸਦਾ ਹੋਇਆ। – ਫੋਟੋ: ਪੰਜਾਬੀ ਟ੍ਰਿਬਿਊਨ