ਹਤਿੰਦਰ ਮਹਿਤਾ
ਜਲੰਧਰ, 28 ਜੂਨ
ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਅੱਜ ਲੋਹੀਆਂ ਤੋਂ ਫ਼ਿਰੋਜ਼ਪੁਰ ਸੜਕ ‘ਤੇ ਪਿੰਡ ਗਿੱਦੜਪਿੰਡੀ ਵਿੱਚ ਸਤਲੁਜ ਦਰਿਆ ‘ਤੇ ਬਣੇ ਰੇਲਵੇ ਪੁਲ ਵਿੱਚੋਂ ਮਿੱਟੀ ਕੱਢਣ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਸ੍ਰੀ ਰਿੰਕੂ ਨੇ ਮੌਕੇ ‘ਤੇ ਮੌਜੂਦ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਪਾਣੀ ਦੇ ਨਿਕਾਸ ਵਿੱਚ ਅੜਿੱਕਾ ਬਣ ਰਹੀ ਮਿੱਟੀ ਨੂੰ ਸਾਫ਼ ਕਰਨ ਦੇ ਕੰਮ ਨੂੰ ਜਲਦ ਤੋਂ ਜਲਦ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਖੇਤਰ ਵਿੱਚ ਕਿਸੇ ਵੀ ਹੜ੍ਹ ਵਾਲੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੁਲ ਨੇੜਿਓਂ ਮਿੱਟੀ ਨੂੰ ਜਲਦ ਹਟਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਮਿੱਟੀ ਕੱਢਣ ਨਾਲ ਪੁਲ ਹੇਠੋਂ ਪਾਣੀ ਬਿਨਾਂ ਕਿਸੇ ਰੁਕਾਵਟ ਦੇ ਲੰਘ ਸਕੇਗਾ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਪੁਲ ਹੇਠੋਂ ਪਾਣੀ ਦੀ ਆਸਾਨੀ ਨਾਲ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਮਿੱਟੀ ਕੱਢਣਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਇਸ ਮਹੱਤਵਪੂਰਨ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਵੱਲੋਂ ਵੀ ਪੁਲ ਹੇਠੋਂ ਮਿੱਟੀ ਕੱਢਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਰਾਜ ਸਭਾ ਮੈਂਬਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਵਿਅਕਤੀਗਤ ਤੌਰ ‘ਤੇ ਇਸ ਕੰਮ ਦੀ ਨਿਗਰਾਨੀ ਕੀਤੀ ਜਾਵੇਗੀ।
ਇਸ ਦੌਰਾਨ ਸੰਸਦ ਮੈਂਬਰਾਂ ਨੇ ਮੌਨਸੂਨ ਦੇ ਮੱਦੇਨਜ਼ਰ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਹੋਰ ਉਪਰਾਲਿਆਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਡਰੇਨੇਜ ਵਿਭਾਗ ਅਧਿਕਾਰੀਆਂ ਨੂੰ ਡਰੇਨਾਂ ਦੀ ਸਫ਼ਾਈ ਦੇ ਕੰਮ ਨੂੰ ਸਮੇਂ ਸਿਰ ਯਕੀਨੀ ਬਣਾਉਣ ਦੇ ਨਾਲ-ਨਾਲ ਨਾਜ਼ੁਕ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਰੋਕੂ ਕਾਰਜ ਬਰਸਾਤ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ।
ਉਨ੍ਹਾਂ ਇਸ ਮੌਕੇ ਹੜ੍ਹ ਸੰਭਾਵੀ ਇਲਾਕਿਆਂ ਵਿੱਚ ਡਰੇਨੇਜ ਵਿਭਾਗ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਵੀ ਕੀਤੀ।