ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਅਕਤੂਬਰ
ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ ਤਹਿਤ ਜ਼ਿਲ੍ਹੇ ਵਿਚ ਹੁਣ ਤੱਕ ਜਮਾਂਦਰੂ ਰੋਗਾਂ ਵਾਲੇ 641 ਬੱਚਿਆਂ ਨੂੰ ਇਲਾਜ ਲਈ ਉਚ ਸਿਹਤ ਸੰਸਥਾਵਾਂ ਵਿਚ ਭੇਜਿਆ ਜਾ ਚੁੱਕਿਆ ਹੈ। ਇਨ੍ਹਾਂ ਵਿੱਚੋਂ 190 ਬੱਚਿਆਂ ਦਾ ਇਲਾਜ ਮੁਕੰਮਲ ਹੋ ਚੁੱਕਿਆ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜੰਮੇ ਬੱਚਿਆਂ ਦਾ ਹਸਪਤਾਲ ਵਿਚ ਹੀ ਜਮਾਂਦਰੂ ਨੁਕਸ ਲਈ ਡਾਕਟਰੀ ਮੁਆਇਨਾ ਕੀਤਾ ਜਾਂਦਾ ਹੈ। ਸਕੂਲ ਜਾਣ ਤੋਂ ਪਹਿਲਾਂ ਵਾਲੇ ਬੱਚਿਆਂ ਦਾ ਆਂਗਣਵਾੜੀ ਸੈਂਟਰਾਂ ਵਿਚ, ਪੇਂਡੂ ਤੇ ਸ਼ਹਿਰੀ ਸਲੱਮ ਏਰੀਏ ਦੇ ਬੱਚਿਆਂ ਦਾ ਮੋਬਾਈਲ ਟੀਮਾਂ ਰਾਹੀਂ ਡਾਕਟਰੀ ਮੁਆਇਨਾ ਕੀਤਾ ਜਾਂਦਾ ਹੈ। ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਬਾਹਰਵੀਂ ਜਮਾਤ ਤੱਕ ਦੇ ਬੱਚਿਆਂ ਦਾ ਸਾਲ ਵਿਚ ਇਕ ਵਾਰ ਡਾਕਟਰੀ ਮੁਆਇਨਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਪਾਈਆਂ ਜਾਣ ਵਾਲੀਆਂ ਬਿਮਾਰੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਵਿੱਚ ਸਕੂਲ ਹੈਲਥ ਪ੍ਰੋਗਰਾਮ ਅਧੀਨ ਡੀਈਆਈਸੀ ਕੇਂਦਰ ਚਲਾਇਆ ਜਾ ਰਿਹਾ ਹੈ ਜਿੱਥੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਇਲਾਜ ਤੇ ਕਾਊਂਸਲਿੰਗ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।