ਸੁਰਜੀਤ ਮਜਾਰੀ
ਬੰਗਾ, 27 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਬਾਅਦ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਆਪਣੇ ਅਹੁਦੇਦਾਰਾਂ ਸਮੇਤ ਖਟਕੜ ਪੁੱਜੇ ਅਤੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਅਸ਼ਵਨੀ ਸ਼ਰਮਾ ਨੇ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਸ੍ਰੀ ਸ਼ਰਮਾ ਨੇ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਉੱਤੇ ਰੱਖਣ ਦੀ ਲੋਕਾਂ ਦੀ ਲੰਮੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੂਰਾ ਕਰ ਦਿੱਤਾ ਹੈ। ਇਸ ਮੌਕੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਨਾਲ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਤੇ ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ।