ਨਿੱਜੀ ਪੱਤਰ ਪ੍ਰੇਰਕ
ਜਲੰਧਰ, 7 ਮਈ
ਕਮਿਸ਼ਨਰੇਟ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਦੋ ਝਪਟਮਾਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਕੋਲੋਂ 96 ਹਜ਼ਾਰ ਦੀ ਨਕਦੀ ਅਤੇ ਇਕ ਐਕਟਿਵਾ ਬਰਾਮਦ ਕੀਤੀ ਹੈ। ਏਸੀਪੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਡਿਵੀਜ਼ਨ ਨੰਬਰ ਇਕ ਦੇ ਐੱਸਐੱਚਓ ਇੰਸਪੈਕਟਰ ਸੁਰਜੀਤ ਸਿੰਘ ਦੀ ਅਗਵਾਈ ਵਿਚ ਪੁਲੀਸ ਪਾਰਟੀ ਨੇ ਦੋ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੀ ਪਛਾਣ ਰਮੇਸ਼ ਕੁਮਾਰ ਉਰਫ ਭੋਮਾ ਵਾਸੀ ਕਰਤਾਰਪੁਰ ਅਤੇ ਸੁਰਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਕੂਕਾ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ 5 ਮਈ ਨੂੰ ਬਸਤੀ ਸ਼ੇਖ ਦੇ ਵਿਨੋਦ ਕੁਮਾਰ ਕੋਲੋਂ ਨਕਦੀ ਖੋਹੀ ਸੀ। ਮੁਲਜ਼ਮ ਵਿਨੋਦ ਕੁਮਾਰ ਦਾ ਪੈਸਿਆਂ ਵਾਲਾ ਬੈਗ ਲੈ ਕੇ ਫਰਾਰ ਹੋ ਗਏ ਸਨ। ਜਦੋਂ ਪੁਲੀਸ ਨੇ ਆਲੇ ਦੁਆਲੇ ਸੀਸੀਟੀਵੀ ਕੈਮਰੇ ਖੰਘਾਲੇ ਤੇ ਹੋਰ ਟੈਕਨੀਕਲ ਸਾਧਨਾਂ ਰਾਹੀਂ, ਇਸ ਦੀ ਜਾਂਚ ਪੜਤਾਲ ਕੀਤੀ ਤਾਂ ਇਨ੍ਹਾਂ ਨੂੰ ਫੜਨ ਵਿਚ ਸਫਲਤਾ ਹਾਸਲ ਕੀਤੀ।