ਨਿੱਜੀ ਪੱਤਰ ਪ੍ਰੇਰਕ
ਜਲੰਧਰ, 3 ਅਕਤੂਬਰ
ਪਾਵਰਕੌਮ ਐਂਡ ਟ੍ਰਾਸਕੋ ਠੇਕਾ ਮੁਲਾਜ਼ਮ ਯੂਨੀਅਨ ਜ਼ੋਨ ਜਲੰਧਰ ਵੱਲੋਂ 7 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿੱਚ ਹੋਣ ਵਾਲੇ ਸੰਘਰਸ਼ ਦੀ ਤਿਆਰੀ ਲਈ ਮੀਟਿੰਗ ਕੀਤੀ ਗਈ। ਮੀਟਿੰਗ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਘਰਸ਼ ਦੀ ਇਸ ਲੜੀ ਦੌਰਾਨ 7 ਅਕਤੂਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿੱਚ ਅਣਮਿਥੇ ਸਮੇਂ ਕੌਮੀ ਮਾਰਗ ਜਾਮ ਕਰਨ ਦਾ ਫੈਸਲਾ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਕਾਮੇ ਇੱਕਲਾ ਆਪਣੇ ਪੱਕੇ ਰੁਜ਼ਗਾਰ ਦੀ ਪ੍ਰਾਪਤੀ ਲਈ ਹੀ ਨਹੀਂ ਲੜ ਰਹੇ, ਸਗੋਂ ਸੂਬੇ ਦੇ ਸਮੂਹ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਕਾਰਪੋਰੇਟਰਾਂ ਦੀ ਅੰਨ੍ਹੀ ਲੁੱਟ ਕਰਵਾਉਣ ਲਈ ਸਰਕਾਰੀ ਵਿਭਾਗਾਂ ਦਾ ਨਿੱਜੀਕਰਨ ਬੜੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਤਿਲ-ਫੁੱਲ ਮਿਲਦੀਆਂ ਸਹੂਲਤਾਂ ਵੀ ਖੋਹੀਆਂ ਜਾ ਰਹੀਆਂ ਹਨ ਅਤੇ ਪੱਕਾ ਰੁਜ਼ਗਾਰ ਵੀ ਖੋਹਿਆ ਜਾ ਰਿਹਾ ਹੈ।
ਇਸ ਕਰਕੇ 7 ਅਕਤੂਬਰ ਨੂੰ ਪੰਜਾਬ ਭਰ ਵਿੱਚੋਂ ਸਾਰੇ ਕੱਚੇ ਆਊਟਸੋਰਸਿੰਗ ਮੁਲਾਜ਼ਮ ਧੂਰੀ ਵਿੱਚ ਅਣਮਿੱਥੇ ਸਮੇਂ ਲਈ ਨੈਸ਼ਨਲ ਹਾਈਵੇਅ ਜਾਮ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਉਣਗੇ।