ਨਿੱਜੀ ਪੱਤਰ ਪ੍ਰੇਰਕ
ਸਿਰਸਾ, 30 ਜੂਨ
ਨਸ਼ਿਆਂ ਤੇ ਅਪਰਾਧਾਂ ’ਤੇ ਰੋਕ ਲਾਉਣ ਦੇ ਉਦੇਸ਼ ਨਾਲ ਪੁਲੀਸ ਵੱਲੋਂ ਸ਼ੁਰੂ ਕੀਤੇ ਗਏ ਸੀਲਿੰਗ ਪਲਾਨ ਤਹਿਤ ਪੁਲੀਸ ਨੇ ਇਕ ਗੱਡੀ ’ਚ ਸਵਾਰ ਚਾਰ ਵਿਅਕਤੀਆਂ ਤੋਂ 23 ਲੱਖ ਰੁਪਏ ਬਰਾਮਦ ਕੀਤੇ ਹਨ। ਸੀਲਿੰਗ ਪਲਾਨ ਤਹਿਤ ਚਾਰ ਘੰਟਿਆਂ ਤੱਕ ਪੰਜਾਬ ਤੇ ਰਾਜਸਥਾਨ ਦੀਆਂ ਹੱਦਾਂ ਨੂੰ ਸੀਲ ਕੀਤਾ ਗਿਆ। ਪੁਲੀਸ ਨੇ ਇਸ ਮੁਹਿੰਮ ਦੌਰਾਨ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਤਿੰਨ ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।
ਇਹ ਜਾਣਕਾਰੀ ਦਿੰਦੇ ਹੋਏ ਪੁਲੀਸ ਬੁਲਾਰੇ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਚਲਾਏ ਗਏ ਸੀਲਿੰਗ ਪਲਾਨ ਤਹਿਤ ਸਦਰ ਥਾਣਾ ਪੁਲੀਸ ਨੇ ਇਕ ਗੱਡੀ ਵਿੱਚੋਂ 23 ਲੱਖ ਰੁਪਏ ਬਰਾਮਦ ਕੀਤੇ ਹਨ। ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਦੌਰਾਨ ਪੁਲੀਸ ਵੱਲੋਂ ਇਕ ਵਿਅਕਤੀ ਨੂੰ ਨੌਂ ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ।
ਜ਼ਿਲ੍ਹਾ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ 96 ਬੋਤਲਾਂ ਦੇਸ਼ੀ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਰਾਣੀਆਂ ਥਾਣਾ ਪੁਲੀਸ ਨੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ 5.22 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸੀਲਿੰਗ ਪਲਾਨ ਤੌਰਾਨ 677 ਵਾਹਨਾਂ ਨੂੰ ਚੈਕ ਕੀਤਾ ਗਿਆ ਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 106 ਵਾਹਨਾਂ ਦੇ ਚਲਾਨ ਕੱਟੇ ਗਏ। ਚੈਕਿੰਗ ਦੌਰਾਨ ਵਾਹਨਾਂ ਦੀਆਂ ਕਤਾਰਾਂ ਲੱਗ ਗਈਆਂ।