ਪੱਤਰ ਪ੍ਰੇਰਕ
ਫਰੀਦਾਬਾਦ, 18 ਅਗਸਤ
ਜ਼ਿਲ੍ਹਾ ਮੈਜਿਸਟਰੇਟ ਵਿਕਰਮ ਸਿੰਘ ਨੇ ਦੱਸਿਆ ਕਿ 2024 ਵਿੱਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਕੀਤਾ ਗਿਆ ਹੈ। ਫਰੀਦਾਬਾਦ ਜ਼ਿਲ੍ਹੇ ਦੇ ਅੰਦਰ ਸ਼ਾਂਤੀ ਭੰਗ ਕਰਨ ਅਤੇ ਗੈਰ-ਅਧਿਕਾਰਤ ਰੈਲੀਆਂ, ਧਰਨੇ ਅਤੇ ਹੋਰ ਅੰਦੋਲਨ ਦੇ ਤਰੀਕਿਆਂ ਦਾ ਸਹਾਰਾ ਲੈ ਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਹ ਹੁਕਮ 6 ਅਕਤੂਬਰ ਤੱਕ ਲਾਗੂ ਰਹਿਣਗੇ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰਿਆਣਾ ਵਿਧਾਨ ਸਭਾ 2024 ਦੀਆਂ ਆਮ ਚੋਣਾਂ ਦੌਰਾਨ ਅਤੇ ਕਾਨੂੰਨੀ ਤੌਰ ’ਤੇ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਰੁਕਾਵਟ, ਪ੍ਰੇਸ਼ਾਨੀ ਜਾਂ ਨੁਕਸਾਨ ਪਹੁੰਚਾਉਣ ਅਤੇ ਮਨੁੱਖੀ ਜੀਵਨ ਅਤੇ ਜਾਇਦਾਦ ਨੂੰ ਖਤਰੇ ਵਿਚ ਪਾਉਣ, ਜਨਤਕ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ’ਤੇ ਕਾਰਵਾਈ ਕੀਤੀ ਜਾਵੇਗੀ। ਵੋਟਾਂ ਲੈਣ ਲਈ ਜਾਤੀ ਜਾਂ ਫਿਰਕੂ ਭਾਵਨਾਵਾਂ ਦਾ ਸਹਾਰਾ ਨਹੀਂ ਲਿਆ ਜਾਵੇਗਾ। ਮਸਜਿਦਾਂ, ਚਰਚਾਂ, ਮੰਦਰਾਂ ਜਾਂ ਹੋਰ ਧਾਰਮਿਕ ਸਥਾਨਾਂ ਨੂੰ ਚੋਣ ਪ੍ਰਚਾਰ ਲਈ ਪਲੇਟਫਾਰਮ ਵਜੋਂ ਨਹੀਂ ਵਰਤਿਆ ਜਾਵੇਗਾ। ਜਿੱਥੇ ਦੂਜੀ ਧਿਰ ਵੱਲੋਂ ਮੀਟਿੰਗਾਂ ਕੀਤੀਆਂ ਜਾਂਦੀਆਂ ਹਨ, ਉੱਥੇ ਇੱਕ ਧਿਰ ਵੱਲੋਂ ਜਲੂਸ ਨਹੀਂ ਕੀਤੇ ਜਾਣਗੇ। ਇੱਕ ਪਾਰਟੀ ਵੱਲੋਂ ਜਾਰੀ ਕੀਤੇ ਗਏ ਪੋਸਟਰ ਦੂਜੀ ਪਾਰਟੀ ਦੇ ਵਰਕਰਾਂ ਵੱਲੋਂ ਨਹੀਂ ਹਟਾਏ ਜਾਣਗੇ। ਕਿਸੇ ਵੀ ਪਾਰਟੀ ਜਾਂ ਉਮੀਦਵਾਰ ਨੂੰ ਪਹਿਲਾਂ ਹੀ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਮੀਟਿੰਗ ਵਾਲੀ ਥਾਂ ’ਤੇ ਮਨਾਹੀ ਵਾਲੇ ਹੁਕਮ ਲਾਗੂ ਹਨ ਜਾਂ ਨਹੀਂ ਅਤੇ ਜੇਕਰ ਅਜਿਹੇ ਹੁਕਮ ਲਾਗੂ ਹਨ, ਤਾਂ ਉਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।