ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 22 ਜੂਨ
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਯੋਜਨਾ ਫ਼ੌਜ ਵਿੱਚ ਭਰਤੀ ਦੇ ਚਾਹਵਾਨ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਾਬੈਨ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਇਸ ਯੋਜਨਾ ਤਹਿਤ ਭਰਤੀ ਹੋਏ ਨੌਜਵਾਨਾਂ ਨੂੰ ਜਿੱਥੇ ਘੱਟ ਤਨਖ਼ਾਹ ਮਿਲੇਗੀ, ਉੱਥੇ ਰਿਟਾਇਰ ਹੋਣ ਮਗਰੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਆਮ ਫ਼ੌਜੀਆਂ ਵਾਂਗ ਮੈਡੀਕਲ ਅਤੇ ਕੰਟੀਨ ਵਰਗੀ ਕੋਈ ਸਹੂਲਤ ਨਹੀਂ ਮਿਲੇਗੀ। ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰੀ ਖਰਚ ’ਤੇ ਨੌਜਵਾਨਾਂ ਨੂੰ ਸਿਖਲਾਈ ਦੇ ਕੇ ਅੰਬਾਨੀ ਅਡਾਨੀ ਵਰਗੇ ਉਦਯੋਗਪਤੀਆਂ ਲਈ ਸੁਰੱਖਿਆ ਗਾਰਡ ਤਿਆਰ ਕਰ ਰਹੀ ਹੈ ਤਾਂ ਜੋ ਉਹ ਇਨ੍ਹਾਂ ਦਾ ਇਸਤੇਮਾਲ ਕਰਮਚਾਰੀਆਂ ਤੇ ਹੋਰ ਅੰਦੋਲਨਾਂ ਨੂੰ ਦਬਾਉਣ ਲਈ ਕਰ ਸਕੇ।