ਨਿੱਜੀ ਪੱਤਰ ਪ੍ਰੇਰਕ
ਸਿਰਸਾ, 8 ਫਰਵਰੀ
ਆਪਣੀਆਂ ਮੰਗਾਂ ਦੀ ਪੂਰਤੀ ਲਈ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੀਆਂ ਆਂਗਣਵਾੜੀ ਵਰਕਰਾਂ ਨੂੰ ਪੁਲੀਸ ਨੇ ਬਾਬਾ ਭੂਮਣ ਸ਼ਾਹ ਚੌਕ ’ਤੇ ਬੈਰੀਕੇਡ ਲਾ ਕੇ ਡੱਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ਮਗਰੋਂ ਆਂਗਣਵਾੜੀ ਵਰਕਰਾਂ ਨੇ ਬਾਬਾ ਭੂਮਣ ਸ਼ਾਹ ਚੌਕ ’ਤੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ। ਇਸ ਮੌਕੇ ਆਂਗਣਵਾੜੀ ਵਰਕਰ ਯੂਨੀਅਨ ਦੀਆਂ ਆਗੂਆਂ ਨੇ ਕਿਹਾ ਕਿ ਉਹ ਮੰਗਾਂ ਦੀ ਪੂਰਤੀ ਲਈ ਪਿਛਲੇ 63 ਦਿਨਾਂ ਤੋਂ ਧਰਨੇ ਪ੍ਰਦਰਸ਼ਨ ਕਰ ਰਹੀਆਂ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਆਂਗਣਵਾੜੀ ਵਰਕਰਾਂ ਨੂੰ ਮੁਅੱਤਲ ਕਰਨ ਦੇ ਨੋਟਿਸ ਦੇ ਰਹੀ ਹੈ।