ਨਿੱਜੀ ਪੱਤਰ ਪ੍ਰੇਰਕ
ਸਿਰਸਾ, 4 ਫਰਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਸਮੇਤ ਆਪਣੀਆਂ ਚਿਰਾਂ ਤੋਂ ਲਮਕਦੀਆਂ ਮੰਗਾਂ ਦੀ ਪੂਰਤੀ ਲਈ ਅੱਜ ਉਪ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਜਾਂਦੀਆਂ ਆਂਗਣਵਾੜੀ ਵਰਕਰਾਂ ਨੂੰ ਪੁਲੀਸ ਨੇ ਬਾਬਾ ਭੂਮਣ ਸ਼ਾਹ ਚੌਕ ਨੇੜੇ ਰੋਕ ਲਿਆ। ਪੁਲੀਸ ਵੱਲੋਂ ਰੋਕੇ ਜਾਣ ਮਗਰੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਬਾਬਾ ਭੂਮਣ ਸ਼ਾਹ ਚੌਕ ’ਤੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਿਨੀ ਸਕੱਤਰੇਤ ਦੇ ਬਾਹਰ ਅੱਜ 59 ਵੇਂ ਦਿਨ ਵੀ ਧਰਨਾ ਦਿੱਤਾ ਅਤੇ ਬਾਅਦ ਵਿੱਚ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਬਾਬਾ ਭੂਮਣ ਸ਼ਾਹ ਚੌਕ ’ਤੇ ਡੱਕ ਲਿਆ। ਇਸ ਮੌਕੇ ਆਂਗਣਵਾੜੀ ਯੂਨੀਅਨ ਦੀ ਆਗੂ ਵੀਰੋ ਰਾਣੀ, ਸ਼ਕੁੰਤਲਾ, ਕਮਲੇਸ਼ ਆਦਿ ਨੇ ਕਿਹਾ ਉਹ ਪਿਛਲੇ ਦੋ ਮਹੀਨਿਆਂ ਤੋਂ ਆਪਣੇ ਬਾਲ ਬੱਚਿਆਂ ਨਾਲ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਬਜਾਏ ਆਂਗਣਵਾੜੀ ਵਰਕਰਾਂ ਨੂੰ ਮੁਅੱਤਲ ਕਰਨ ਦੇ ਨੋਟਿਸ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ, ਉਨ੍ਹਾਂ ਦਾ ਇਹ ਸੰਘਰਸ਼ ਜਾਰੀ ਰਹੇਗਾ।