ਆਤਿਸ਼ ਗੁਪਤਾ
ਚੰਡੀਗੜ੍ਹ, 21 ਮਾਰਚ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਹਰ ਤਬਕੇ ਦੇ ਲੋਕਾਂ ਨੂੰ ਸ਼ਾਮਲ ਕਰਨ ਲਈ ਅੱਜ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਐੱਸਸੀ-ਬੀਸੀ ਸੰਯੁਕਤ ਮੋਰਚਾ ਵੱਲੋਂ ਬਹੁਜਨ ਮਹਾਪੰਚਾਇਤ ਕੀਤੀ ਗਈ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਵਿਸ਼ੇਸ਼ ਤੌਰ ’ਤੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਰੰਭਿਆ ਸੰਘਰਸ਼ ਅੱਜ ‘ਜਨ ਅੰਦੋਲਨ’ ਬਣ ਚੁੱਕਿਆ ਹੈ। ਇਸ ਵਿੱਚ ਹਰ ਤਬਕੇ ਦੇ ਲੋਕ ਸ਼ਾਮਲ ਹੋ ਰਹੇ ਹਨ। ਜਦਕਿ ਰਹਿੰਦੇ ਵਰਗਾਂ ਨੂੰ ਵੀ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ ਜਾ ਰਿਹਾ ਹੈ।
ਸ੍ਰੀ ਚੜੂਨੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਕਰੋੜਾਂ ਲੋਕਾਂ ਨੂੰ ਨਜ਼ਰਅੰਦਾਜ਼ ਕਰਕੇ ਕੁਝ ਪੂੰਜੀਪਤੀਆਂ ਦੇ ਹੱਕ ਵਿੱਚ ਕਾਨੂੰਨ ਤਿਆਰ ਕੀਤੇ ਜਾ ਰਹੇ ਹਨ। ਭੁੱਖਮਰੀ ਦੇ ਅੰਕੜੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਵਿਸ਼ਵ ਵਿੱਚ 102ਵੇਂ ਸਥਾਨ ’ਤੇ ਹੈ। ਦੇਸ਼ ਵਿੱਚ ਵੱਡੇ ਹਿੱਸੇ ਨੂੰ ਭਰ ਪੇਟ ਭੋਜਨ ਨਸੀਬ ਨਹੀਂ ਹੋ ਰਿਹਾ ਹੈ। ਅਜਿਹੇ ਸਮੇਂ ਮੋਦੀ ਸਰਕਾਰ ਲੋਕਾਂ ਨੂੰ ਭੋਜਨ ਦੇਣ ਦੀ ਥਾਂ ਕਿਸਾਨ ਵਿਰੋਧੀ ਕਾਨੂੰਨ ਲੈ ਕੇ ਆ ਰਹੀ ਹੈ। ਜਿਸ ਨਾਲ ਦੇਸ਼ ਵਿੱਚ ਭੁੱਖ ਮਰੀ ਹੋਰ ਵਧੇਗੀ। ਬੀਕੇਯੂ ਆਗੂ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਹਰ ਕਿਸੇ ਨੂੰ ਆਪਣੇ ਅਧਿਕਾਰਾਂ ਲਈ ਆਵਾਜ਼ ਚੁੱਕਣ ਦੀ ਆਜ਼ਾਦੀ ਦਿੱਤੀ ਗਈ ਹੈ। ਪਰ ਕੇਂਦਰ ਸਰਕਾਰ ਹਰ ਕਿਸੇ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਜਾਤ-ਪਾਤ ਭੁਲਾ ਕੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ।