ਸਤਪਾਲ ਰਾਮਗੜ੍ਹੀਆ
ਪਿਹੋਵਾ, 22 ਮਈ
ਹਰਿਆਣਾ ਸਰਕਾਰ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ 10 ਮੈਂਬਰ ਨਿਯੁਕਤ ਕੀਤੇ ਗਏ ਹਨ। ਇਸ ਵਿਚ ਕੁਰੂਕਸ਼ੇਤਰ ਜ਼ਿਲ੍ਹੇ ਦੇ ਨਿਸ਼ਾਨ ਸਿੰਘ ਬੜਤੋਲੀ ਨੂੰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਨ੍ਹਾਂ ਮੈਂਬਰਾਂ ਦੀ ਨਿਯੁਕਤੀ ਹਰਿਆਣਾ ਸਰਕਾਰ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ ਵੱਲੋਂ ਇੱਕ ਪੱਤਰ ਜਾਰੀ ਕਰਕੇ ਕੀਤੀ ਗਈ ਹੈ। ਨਵੇਂ ਬਣੇ ਮੈਂਬਰ ਨਿਸ਼ਾਨ ਸਿੰਘ ਲਾਡਵਾ ਦੇ ਪਿੰਡ ਬੜਤੋਲੀ ਦੇ ਵਸਨੀਕ ਹਨ। ਉਹ ਬੜਤੋਲੀ ਨੇੜੇ ਪਿੰਡ ਝੀਨਵਰੇਹੜੀ ਦੇ ਗੁਰਦੁਆਰਾ ਥੜ੍ਹਾ ਸਾਹਿਬ, ਜੋ ਕਿ ਐੱਚਐੱਸਜੀਪੀਸੀ ਅਧੀਨ ਹੈ, ਦੀ ਸੇਵਾ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ। ਨਿਸ਼ਾਨ ਸਿੰਘ ਬੜਤੋਲੀ ਨੇ ਹਰਿਆਣਾ ਸਰਕਾਰ ਅਤੇ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਨਿਯੁਕਤੀ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਜੋ ਸੇਵਾ ਲਈ ਉਨ੍ਹਾਂ ਦੀ ਡਿਊਟੀ ਲਗਾਈ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵਿੱਚ ਕੇਸ ਜਿੱਤਣ ਤੋਂ ਤੁਰੰਤ ਬਾਅਦ ਐਚਐਸਜੀਪੀਸੀ ਕਾਨੂੰਨੀ ਤੌਰ ’ਤੇ ਹਰਿਆਣਾ ਦੇ ਸਾਰੇ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਵੇਗੀ।