ਜਗਤਾਰ ਸਮਾਲਸਰ
ਏਲਨਾਬਾਦ, 8 ਅਕਤੂਬਰ
ਇੱਥੇ ਅੱਜ ਏਲਨਾਬਾਦ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ ਕਾਂਗਰਸੀ ਉਮੀਦਵਾਰ ਪਵਨ ਬੈਨੀਵਾਲ ਦੇ ਕਾਗ਼ਜ਼ ਦਾਖ਼ਲ ਕਰਵਾਉਣ ਪੁੱਜੀ ਕਾਂਗਰਸ ਪਾਰਟੀ ਦੀ ਸੂਬਾਈ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਆਖਿਆ ਕਿ ਹੁਣ ਭਾਜਪਾ ਦਾ ਅਸਲੀ ਚਿਹਰਾ ਲੋਕਾਂ ਸਾਹਮਣੇ ਆ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਅਤੇ ਕਰਮਚਾਰੀਆਂ ਸਮੇਤ ਹਰੇਕ ਵਰਗ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਔਖਾ ਹੈ। ਸੂਬਾਈ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਕਰੀਬ ਦਸ ਮਹੀਨਿਆਂ ਤੋਂ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਹਨ ਪਰ ਭਾਜਪਾ ਵੱਲੋਂ ਹੱਕ ਮੰਗਦੇ ਕਿਸਾਨਾਂ ਦੇ ਸੰਘਰਸ਼ ਨੂੰ ਸਾਜ਼ਿਸ਼ ਤਹਿਤ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਕੇਂਦਰ ਦੀ ਇਹ ਮਨਸ਼ਾ ਲਖੀਮਪੁਰ ਖੀਰੀ ਦੀ ਘਟਨਾ ਤੋਂ ਜੱਗ-ਜ਼ਾਹਿਰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਆਉਂਦਿਆਂ ਹੀ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ।
ਕੁਮਾਰੀ ਸ਼ੈਲਜਾ ਨੇ ਆਖਿਆ ਕਿ ਜੇਕਰ ਅਭੈ ਸਿੰਘ ਚੌਟਾਲਾ ਨੇ ਕਿਸਾਨਾਂ ਦੇ ਹੱਕ ਵਿੱਚ ਅਸਤੀਫ਼ਾ ਦਿੱਤਾ ਹੁੰਦਾ ਤਾਂ ਅੱਜ ਉਹ ਮੁੜ ਏਲਨਾਬਾਦ ਜ਼ਿਮਨੀ ਚੋਣ ਵਿੱਚ ਇਨੈਲੋ ਦੇ ਉਮੀਦਵਾਰ ਨਾ ਬਣਦੇ। ਉਨ੍ਹਾਂ ਕਿਹਾ ਕਿ ਚੌਟਾਲਾ ਨੇ ਸਿਰਫ਼ ਲੋਕਾਂ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ, ਜੋ ਠੀਕ ਨਹੀਂ ਹੈ। ਉਨ੍ਹਾਂ ਏਲਨਾਬਾਦ ਵਿਧਾਨ ਸਭਾ ਹਲਕੇ ਤੋਂ ਪਵਨ ਬੈਨੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਕਈ ਸਾਬਕਾ ਮੰਤਰੀ ਅਤੇ ਸੀਨੀਅਰ ਆਗੂ ਮੌਜੂਦ ਸਨ।