ਪੱਤਰ ਪ੍ਰੇਰਕ
ਏਲਨਾਬਾਦ, 9 ਮਈ
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਰਾਣੀਆ ਵਿੱਚ ਵਿਜੈ ਸੰਕਲਪ ਰੈਲੀ ਨੂੰ ਸੰਬੋਧਨ ਕਰਦਿਆਂ ਸਿਰਸਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਡਾਕਟਰ ਅਸ਼ੋਕ ਤੰਵਰ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਆਖਿਆ ਕਿ ਕਾਂਗਰਸ ਨੇ ਹਮੇਸ਼ਾ ਦੇਸ ਨੂੰ ਤੋੜਨ ਦਾ ਕੰਮ ਕੀਤਾ ਹੈ ਜਦੋਂ ਕਿ ਭਾਜਪਾ ਵੱਲੋਂ ਵਿਕਾਸ ਨੂੰ ਪਹਿਲ ਦਿੱਤੀ ਗਈ ਹੈ। ਖੱਟਰ ਨੇ ਕਿਹਾ ਕਿ ਕਾਂਗਰਸ ਨੇ ਕਸ਼ਮੀਰ ਦੇ ਲੋਕਾਂ ਨੂੰ ਗੁਮਰਾਹ ਕੀਤਾ ਅਤੇ ਭਾਜਪਾ ਨੇ ਕਸ਼ਮੀਰ ਵਿੱਚੋਂ ਧਾਰਾ 370 ਖਤਮ ਕਰ ਕੇ ਬਾਕੀ ਸੂਬਿਆਂ ਵਰਗਾ ਬਣਾਇਆ ਹੈ। ਮਨੋਹਰ ਲਾਲ ਨੇ ਦਾਅਵਾ ਕੀਤਾ ਕਿ ਸਾਲ 2047 ਤੱਕ ਭਾਰਤ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਕਸਤ ਭਾਰਤ ਬਣੇਗਾ ਅਤੇ ਦੁਨੀਆਂ ਦੀ ਪੰਜਵੀਂ ਸਭ ਤੋਂ ਵੱਡੀ ਤਾਕਤ ਵਜੋਂ ਉੱਭਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਵੀ ਪਿਛਲੇ ਨੌ ਸਾਲਾਂ ਦੌਰਾਨ ਵਿਕਾਸ ਦੇ ਨਵੇਂ ਰਿਕਾਰਡ ਕਾਇਮ ਕੀਤੇ ਗਏ ਹਨ। ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਪੈਸੇ ਭੇਜ ਕੇ ਵਿਚੋਲਾ ਸਿਸਟਮ ਨੂੰ ਖਤਮ ਕੀਤਾ ਗਿਆ ਹੈ। ਸਰਕਾਰ ਨੇ 14 ਫ਼ਸਲਾਂ ਐੱਮਐੱਸਪੀ ’ਤੇ ਖਰੀਦੀਆਂ ਹਨ।