ਟ੍ਰਿਬਿਉੂਨ ਨਿਉੂਜ਼ ਸਰਵਿਸ
ਚੰਡੀਗੜ੍ਹ, 11 ਜੂਨ
ਹਰਿਆਣਾ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਤਿਆਰੀ ਖਿੱਚ ਦਿੱਤੀ ਹੈ। ਕਾਂਗਰਸ ਵੱਲੋਂ 16 ਜੂਨ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ਰਾਹੀਂ ਕਾਂਗਰਸ ਪਾਰਟੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰੇਗੀ। ਇਹ ਪ੍ਰਗਟਾਵਾ ਸਾਬਕਾ ਮੁੱਖ ਮੰਤਰੀ ਤੇ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਹਰਿਆਣਾ ’ਚ ਲੋਕ ਸਭਾ ਚੋਣ ’ਚ ਭਾਜਪਾ ਅੱਧੀ ਰਹਿ ਗਈ ਹੈ ਅਤੇ ਵਿਧਾਨ ਸਭਾ ਚੋਣ ਵਿੱਚ ਸਾਫ਼ ਹੋ ਜਾਵੇਗੀ। ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿੱਚ ਇੰਡੀਆ ਗਠਜੋੜ ਨੂੰ ਸਭ ਤੋਂ ਵੱਧ 47.6 ਫ਼ੀਸਦ ਵੋਟਾਂ ਪਈਆਂ ਹਨ ਜੋ ਪਿਛਲੀ ਲੋਕ ਸਭਾ ਚੋਣਾਂ ਨਾਲੋਂ 20 ਫ਼ੀਸਦ ਵੱਧ ਹੈ ਜਦੋਂਕਿ ਭਾਜਪਾ ਦੀਆਂ ਵੋਟਾਂ 12 ਫ਼ੀਸਦ ਘਟ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਵੱਲੋਂ ਲੋਕ ਸਭਾ ਚੋਣਾਂ ਦੀ ਤਰ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਵੀ ਭਾਜਪਾ ਨੂੰ ਮੋੜਵਾਂ ਜਵਾਬ ਦਿੱਤਾ ਜਾਵੇਗਾ।
ਹੁੱਡਾ ਨੇ ਕਿਹਾ ਕਿ ਹਰਿਆਣਾ ਵਿੱਚ 10 ਸਾਲ ਤੋਂ ਕਾਬਜ਼ ਭਾਜਪਾ ਨੇ ਕੁਝ ਵੀ ਨਹੀਂ ਕੀਤਾ। ਸੂਬੇ ਵਿੱਚ ਬੇਰੁਜ਼ਗਾਰੀ, ਮਹਿੰਗਾਈ ਲਗਾਤਾਰ ਵਧ ਰਹੀ ਹੈ। ਇਸੇ ਕਰਕੇ ਗਰੀਬ ਹੋਰ ਗਰੀਬ ਅਤੇ ਅਮੀਰ ਹੋਰ ਅਮੀਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ 5 ਸੀਟਾਂ ’ਤੇ ਹਾਰ ਤੋਂ ਬਾਅਦ ਭਾਜਪਾ ਵੱਲੋਂ ਸੂਬੇ ਵਿੱਚ ਲੋਕਾਂ ਨੂੰ 100-100 ਗਜ਼ ਦੇ ਪਲਾਟ ਵੰਡੇ ਜਾ ਰਹੇ ਹਨ। ਭਾਜਪਾ ਨੇ 10 ਸਾਲਾਂ ਵਿੱਚ ਲੋਕਾਂ ਨੂੰ ਕੋਈ ਪਲਾਟ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਭਾਜਪਾ ਸੂਬੇ ਵਿੱਚੋਂ ਪੱਕੀਆਂ ਨੌਕਰੀਆਂ ਅਤੇ ਰਾਖਵਾਂਕਰਨ ਖਤਮ ਕਰਨ ਲੱਗੀ ਹੋਈ ਹੈ। ਇਸ ਮੌਕੇ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ, ਜੈ ਪ੍ਰਕਾਸ਼ ਤੇ ਕਈ ਵਿਧਾਇਕ ਮੌਜੂਦ ਸਨ।