ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 20 ਜੂਨ
ਕੇਂਦਰ ਸਰਕਾਰ ਦੀ ਨਵੀਂ ਸੈਨਾ ਭਰਤੀ ਯੋਜਨਾ ‘ਅਗਨੀਪਥ’ ਨੂੰ ਲੈ ਕੇ ਅੰਬਾਲਾ ਰੋਡਵੇਜ਼ ਦੀਆਂ ਬੱਸਾਂ ਸਾੜਨ ਦੀ ਸਾਜ਼ਿਸ਼ ਰਚੀ ਜਾ ਰਹੀ ਸੀ ਜਿਸ ਲਈ ਬਾਕਾਇਦਾ ਸੋਸ਼ਲ ਮੀਡੀਆ ਤੇ ਭੜਕਾਊ ਪੋਸਟ ਪਾ ਕੇ ਨੌਜਵਾਨਾਂ ਨੂੰ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ। ਪੁਲੀਸ ਨੇ ਸੋਸ਼ਲ ਮੀਡੀਆ ’ਤੇ ਭੜਕਾਊ ਪੋਸਟ ਸ਼ੇਅਰ ਕਰਨ ਵਾਲੇ ਗਰੁੱਪ ਦੇ ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਛਾਣ-ਬੀਣ ਕੀਤੀ ਜਾ ਰਹੀ ਹੈ। ਫ਼ਿਲਹਾਲ ਇਸ ਮਾਮਲੇ ਵਿਚ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸੇ ਸਬੰਧ ਵਿਚ ਅੱਜ ਐਸ.ਪੀ ਅੰਬਾਲਾ ਜਸ਼ਨਦੀਪ ਸਿੰਘ ਰੰਧਾਵਾ ਨੇ ਆਮ ਜਨਤਾ ਨੂੰ ਅਪੀਲ ਕਰਕੇ ਪੁਲੀਸ ਨੂੰ ਸਹਿਯੋਗ ਦੇਣ ਲਈ ਕਿਹਾ ਹੈ। ਇਸ ਸਬੰਧ ਵਿਚ ਸਾਰੇ ਥਾਣਾ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਜਾਂ ਗੈਰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਿਤ ਪੋਸਟ ਸੋਸ਼ਲ ਮੀਡੀਆ ਤੇ ਪਾਉਣ ਵਾਲਿਆਂ ਦੀ ਪਹਿਚਾਣ ਕਰਕੇ ਤੁਰੰਤ ਮਾਮਲਾ ਦਰਜ ਕੀਤਾ ਜਾਵੇ।