ਰਾਮ ਕੁਮਾਰ ਮਿੱਤਲ
ਗੂਹਲਾ ਚੀਕਾ, 21 ਜਨਵਰੀ
ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਧਰਮ ਪ੍ਰਚਾਰ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ ਅਤੇ 9ਵੀਂ ਚੀਕਾ ਵਿੱਚ ਮਨਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਜਥਿਆਂ ਅਤੇ ਸਿੱਖ ਸੰਗਤਾਂ ਨੇ ਭਾਰੀ ਸ਼ਰਧਾ ਉਤਸ਼ਾਹ ਨਾਲ ਹਾਜ਼ਰੀ ਭਰੀ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕੀਰਤਨ ਦੀਵਾਨ ਸਜਾ ਕੇ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ ਅਤੇ ਜੁੜੀਆਂ ਸਿੱਖ ਸੰਗਤਾਂ ਨੂੰ ਕਿਹਾ ਕਿ ਸਾਰੇ ਆਪੋ ਆਪਣੇ ਘਰਾਂ ਅਤੇ ਗੁਰੂ ਘਰਾਂ ਵਿੱਚ ਅਰਦਾਸ ਕਰਨ ਕਿ ਚੱਲ ਰਹੇ ਕਿਸਾਨੀ ਮੋਰਚੇ ਵਿਚ ਕਿਸਾਨਾਂ ਨੂੰ ਫਤਹਿ ਹਾਸਲ ਹੋਵੇ ਅਤੇ ਉਹ ਜਿੱਤ ਦੇ ਜੈਕਾਰੇ ਲਾਉਂਦੇ ਸੁੱਖੀ ਸਾਂਦੀ ਆਪਣੇ ਘਰਾਂ ਨੂੰ ਪਰਤਣ। ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ, ਜਥਾ ਦਾਦੂ ਸਾਹਿਬ ਭਾਈ ਗੁਰਪ੍ਰੀਤ ਸਿੰਘ ਅਤੇ ਸਾਥੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਨੌਵੀਂ ਚੀਕਾ ਭਾਈ ਸਰਬਜੀਤ ਸਿੰਘ ਮੁੱਖ ਪ੍ਰਚਾਰਕ ਹਰਿਆਣਾ ਕਮੇਟੀ ਬੀਬੀ ਬਲਜਿੰਦਰ ਕੌਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਚੀਕਾ ਦੇ ਜਥਿਆਂ ਨੇ ਕੀਰਤਨ ਦਰਬਾਰ ਦੀ ਹਾਜ਼ਰੀ ਭਰੀ। ਇਸ ਮੌਕੇ ਹਰਪਾਲ ਸਿੰਘ ਬੁਰਾੜਾ, ਗੱਜਣ ਸਿੰਘ ਪਟਿਆਲਾ, ਧਰਮੀ ਫ਼ੌਜੀਆਂ ਜਥੇਦਾਰ ਕਰਤਾਰ ਸਿੰਘ ਝੱਬਰ ਦੇ ਪੋਤਰੇ ਯੋਗਰਾਜ ਸਿੰਘ ਝੱਬਰ ਹਾਬੜੀ, ਖਜ਼ਾਨ ਸਿੰਘ ਚੀਕਾ, ਉਮਰਾਓ ਸਿੰਘ ਕੈਂਥਲ, ਕਾਰ ਸੇਵਾ ਵਾਲੇ ਬਾਬਿਆਂ ਅਤੇ ਹੋਰ ਸਿੱਖ ਸੰਗਤਾਂ ਹਾਜ਼ਰ ਸਨ।
ਸ਼ਾਹਬਾਦ ਮਾਰਕੰਡਾ (ਸਤਨਾਮ ਸਿੰਘ): ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਮੱਥਾ ਟੇਕਿਆ ਤੇ ਰੱਬੀ ਬਾਣੀ ਦਾ ਰਸ ਭਿੰਨਾ ਕੀਰਤਨ ਸੁਣਿਆ। ਪੰਥ ਦੇ ਪ੍ਰਸਿੱਧ ਵਿਦਵਾਨ ਗਿਆਨੀ ਸਾਹਿਬ ਸਿੰਘ ਨੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਤੋਂ ਜਾਣੂੰ ਕਰਾਉਂਦੇ ਹੋਏ ਗੁਰ ਇਤਿਹਾਸ ਨਾਲ ਜੋੜਿਆ। ਫੌਜਾ ਸਿੰਘ ਦੇ ਢਾਡੀ ਜਥੇ, ਹਜੂਰੀ ਰਾਗੀ ਭਾਈ ਅਮਰਜੀਤ ਸਿੰਘ, ਭਾਈ ਸੁਬੇਗ ਸਿੰਘ ਕਥਾਵਾਚਕ, ਬੀਬੀ ਭਾਨੀ ਇਸਤਰੀ ਸਤਿਸੰਗ ਸਭਾ ਨੇ ਸ਼ਬਦ ਕੀਰਕਨ ਰਾਹੀਂ ਇਤਿਹਾਸ ਸੁਣਾਇਆ। ਰਾਤ ਦੇ ਦੀਵਾਨ ਵਿਚ ਰਾਗੀ ਭਾਈ ਕਰਮਜੀਤ ਸਿੰਘ ਨੰਗਲ ਵਾਲਿਆਂ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਸੰਗਤਾਂ ਨੂੰ ਕਿਹਾ ਕਿ ਧਰਮ ਪ੍ਰਚਾਰ ਲਈ ਆਪਣੀ ਆਉਣ ਵਾਲੀ ਪੀੜੀ ਨੂੰ ਗੌਰਵਮਈ ਸਿੱਖ ਇਤਿਹਾਸ ਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਨਾ ਹੋਵੇਗਾ, ਜਿਸ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਹਰ ਰੋਜ਼ ਗੁਰਦੁਆਰਾ ਸਾਹਿਬ ਲਿਆਂਦਾ ਜਾਵੇ ਤੇ ਨਿਤਨੇਮ ਕਰਨ ਲਈ ਪ੍ਰੇਰਿਤ ਕੀਤਾ ਜਾਵੇ।