ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਈ
ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਲੋਕਾਂ ਨੂੰ ਚੱਕਰਵਾਤੀ ਤੂਫ਼ਾਨ ਤਾਊਤੇ ਕਾਰਨ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਅਨੁਸਾਰ ਤਾਊਤੇ ਦਾ ਅਸਰ ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲ ਸਕਦਾ ਹੈ ਅਤੇ ਹਵਾ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ। ਸ੍ਰੀ ਚੌਟਾਲਾ ਨੇ ਦੱਸਿਆ ਕਿ ਤਾਊਤੇ ਗੁਜਰਾਤ, ਰਾਜਸਥਾਨ ਤੋਂ ਹੁੰਦਾ ਹੋਇਆ ਹਰਿਆਣਾ ਵੱਲ ਵੱਧ ਰਿਹਾ ਹੈ। ਇਸ ਲਈ ਲੋਕ ਅਗਲੇ 48 ਘੰਟੇ ਆਪਣੇ ਘਰਾਂ ਅੰਦਰ ਹੀ ਰਹਿਣ। ਉਨ੍ਹਾਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਿਆਂ ਵਿੱਚ ਚੌਕਸੀ ਰੱਖਣ ਦੇ ਆਦੇਸ਼ ਵੀ ਦਿੱਤੇ ਹਨ ਤਾਂ ਜੋ ਕਿਸੇ ਕਿਸਮ ਦੇ ਜਾਨੀ ਜਾਂ ਮਾਲੀ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।