ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਨਵੰਬਰ
ਲਖੀਮਪੁਰ ਖੀਰੀ ਕਤਲੇਆਮ ਦੀ ਜਾਂਚ ਲਈ ਬਣੀ ਨਵੀਂ ਵਿਸ਼ੇਸ਼ ਜਾਂਚ ਟੀਮ ਵਿੱਚ ਇੱਕ ਵਿਵਾਦਿਤ ਅਧਿਕਾਰੀ ਨੂੰ ਸ਼ਾਮਲ ਕਰਨ ਦੀ ਸੰਯੁਕਤ ਕਿਸਾਨ ਮੋਰਚੇ ਨੇ ਨਿਖੇਧੀ ਕੀਤੀ ਹੈ। ਮੋਰਚੇ ਵੱਲੋਂ ਦੱਸਿਆ ਗਿਆ ਕਿ ਉਕਤ ਅਧਿਕਾਰੀ ’ਤੇ ਇੱਕ ਪੱਤਰਕਾਰ ਨੂੰ ਪ੍ਰੇਸ਼ਾਨ ਕਰਨ ਦਾ ਕਥਿਤ ਦੋਸ਼ ਹੈ।
ਮੋਰਚੇ ਨੇ ਕਿਹਾ, ‘‘ਲਖੀਮਪੁਰ ਖੀਰੀ ਕਤਲੇਆਮ ਦੀ ਜਾਂਚ ਲਈ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਪੁਨਰਗਠਨ ਵਿੱਚ, ਸੁਪਰੀਮ ਕੋਰਟ ਨੇ ਬੀਤੇ ਦਿਨੀਂ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਐਸਆਈਟੀ ਵਿੱਚ ਸ਼ਾਮਲ ਕੀਤਾ। ਉਨ੍ਹਾਂ ਵਿੱਚੋਂ ਇੱਕ ਪਦਮਜਾ ਚੌਹਾਨ ਹੈ ਜੋ ਇਸ ਸਮੇਂ ਆਈਜੀ, ਯੂਪੀ ਪੁਲੀਸ ਭਰਤੀ ਤੇ ਤਰੱਕੀ ਬੋਰਡ ਹੈ।’’ ਮੋਰਚੇ ਨੇ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਇਹ ਸਿੱਟਾ ਕੱਢਿਆ ਸੀ ਕਿ ਇਸ ਅਧਿਕਾਰੀ ਨੇ ਪੱਤਰਕਾਰ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕੀਤਾ ਸੀ। ਮੋਰਚੇ ਅਨੁਸਾਰ ਖਬਰਾਂ ਵਿਚ ਦੋਸ਼ ਹੈ ਕਿ ਪੁਲੀਸ ਅਧਿਕਾਰੀ ਭੂ-ਮਾਫੀਆ ਦੇ ਨਾਲ ਕੰਮ ਕਰ ਰਿਹਾ ਸੀ।