ਫਰਿੰਦਰ ਪਾਲ ਗੁਲਿਆਣੀ
ਨਰਾਇਣਗੜ੍ਹ, 18 ਸਤੰਬਰ
ਇੱਥੋਂ ਕਾਂਗਰਸੀ ਉਮੀਦਵਾਰ ਸ਼ੈਲੀ ਚੌਧਰੀ ਨੇ ਹਲਕਾ ਦੇ ਪਿੰਡ ਬਰਸੂ ਮਾਜਰਾ, ਰੱਜੂ ਮਾਜਰਾ ਅਤੇ ਹੋਰ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਹਰ ਵਰਗ ਦੁਖੀ ਹੋ ਗਿਆ ਹੈ ਅਤੇ ਲੋਕ ਭਾਜਪਾ ਪ੍ਰਤੀ ਆਪਣੀ ਨਾਰਾਜ਼ਗੀ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਤੋਂ ਸਪੱਸ਼ਟ ਹੈ ਕਿ ਇਸ ਵਾਰ ਨਰਾਇਣਗੜ੍ਹ ਵਿੱਚ ਕਾਂਗਰਸ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਉਨ੍ਹਾਂ ਲੋਕਾਂ ਵੱਲੋਂ ਮਿਲੇ ਭਰਪੂਰ ਸਹਿਯੋਗ ਅਤੇ ਆਸ਼ੀਰਵਾਦ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਇਸ ਦੌਰਾਨ ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਚੌਧਰੀ ਰਾਮ ਕਿਸ਼ਨ ਗੁੱਜਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸ ਵਾਰ ਹਰਿਆਣਾ ਵਿੱਚ ਕਾਂਗਰਸ ਦੀ ਭਾਰੀ ਬਹੁਮਤ ਨਾਲ ਸਰਕਾਰ ਬਣੇਗੀ ਅਤੇ ਸਰਕਾਰ ਬਣਨ ਤੋਂ ਬਾਅਦ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਯਤਨ ਕੀਤੇ ਜਾਣਗੇ। ਇਸ ਮੌਕੇ ਚੌਧਰੀ ਰਾਮ ਕਿਸ਼ਨ ਗੁੱਜਰ ਨੇ ਵੀ ਕਾਂਗਰਸ ਦੇ ਐਲਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਦੌਰਾਨ ਉਨ੍ਹਾਂ ਭਾਜਪਾ ’ਤੇ ਲੋਕਾਂ ਨਾਲ ਵਾਅਦਾਖ਼ਿਲਾਫ਼ੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਦਸ ਸਾਲਾ ਰਾਜ ਵਿੱਚ ਸੂਬੇ ਦਾ ਹਰ ਨਾਗਰਿਕ ਦੁਖੀ ਹੈ। ਇਸ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਮੋਹਨ ਲਾਲ ਖੱਟਰ ਅਤੇ ਮੌਜੂਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਖ਼ਿਲਾਫ਼ ਕਾਫ਼ੀ ਤਨਜ਼ ਕੱਸੇ। ਉਨ੍ਹਾਂ ਕਿਹਾ ਕਿ ਭਾਜਪਾ ਦੀ ਲੋਕ ਮਾਰੂ ਨੀਤੀਆਂ ਨੇ ਸੂਬੇ ਨੂੰ ਵਿਕਾਸ ਪੱਖੋਂ ਕਾਫ਼ੀ ਪਛਾੜ ਦਿੱਤਾ ਹੈ।