ਪੱਤਰ ਪ੍ਰੇਰਕ
ਏਲਨਾਬਾਦ, 9 ਸਤੰਬਰ
ਰਾਣੀਆਂ ਦੇ ਵਾਰਡ ਨੰਬਰ 8 ਨਿਵਾਸੀ ਬਲਵਿੰਦਰ ਸਿੰਘ ਉਰਫ਼ ਬਿੰਦੂ (25) ਦੀ ਨਸ਼ੇ ਦੀ ਓਵਰਡੋਜ਼ ਕਾਰਨ ਅੱਜ ਇਥੇ ਮੌਤ ਹੋ ਗਈ, ਜਿਸ ਮਗਰੋਂ ਗੁੱਸੇ ਵਿੱਚ ਆਏ ਲੋਕਾਂ ਨੇ ਸ਼ਹਿਰ ਦੀ ਮੁੱਖ ਸੜਕ ’ਤੇ ਲਾਸ਼ ਰੱਖ ਕੇ ਰੋਸ ਮੁਜ਼ਾਹਰਾ ਕੀਤਾ। ਧਰਨਾਕਾਰੀਆਂ ਨੇ ਇਸ ਮੌਕੇ ਆਵਾਜਾਈ ਠੱਪ ਕਰਕੇ ਸਰਕਾਰ ਤੇ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਜਾਣਕਾਰੀ ਅਨੁਸਾਰ 15 ਦਿਨ ਪਹਿਲਾਂ ਮ੍ਰਿਤਕ ਨੌਜਵਾਨ ਦੇ ਛੋਟੇ ਭਰਾ ਦੀ ਵੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਚੁੱਕੀ ਹੈ। ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਾਸ਼ ਦਾ ਸਸਕਾਰ ਨਹੀਂ ਕੀਤਾ ਜਾਵੇਗਾ। ਇਸ ਬਾਰੇ ਜਾਣਕਾਰੀ ਮਿਲਣ ’ਤੇ ਏਲਨਾਬਾਦ ਦੇ ਡੀਐੱਸਪੀ ਵਰਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਧਰਨਾਕਾਰੀਆਂ ਨੇ ਕਰੀਬ 15 ਕਥਿਤ ਨਸ਼ਾ ਤਸਕਰਾਂ ਦੀ ਸੂਚੀ ਉਨ੍ਹਾਂ ਨੂੰ ਸੌਂਪੀ ਤੇ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਡੀਐੱਸਪੀ ਵਰਿੰਦਰ ਸਿੰਘ ਨੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਛੇਤੀ ਹੀ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਇਲਾਕੇ ਵਿੱਚ ਨਸ਼ਿਆਂ ਦੀ ਵਿਕਤੀ ’ਤੇ ਸਖ਼ਤੀ ਨਾਲ ਰੋਕ ਲਾਈ ਜਾਵੇਗੀ। ਡੀਐੱਸਪੀ ਦੇ ਭਰੋਸੇ ਮਗਰੋਂ ਲੋਕਾਂ ਨੇ ਧਰਨਾ ਚੱਕ ਦਿੱਤਾ ਹੈ।