ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਅਪਰੈਲ
ਹਰਿਆਣਾ ਵਿੱਚ ਪਹਿਲੀ ਅਪਰੈਲ ਤੋਂ ਸ਼ੁਰੂ ਹੋਏ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਅੱਜ 29 ਦਿਨਾਂ ਬਾਅਦ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਕਣਕ ਦੀ ਖਰੀਦ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਜਿਨ੍ਹਾਂ ਵਿੱਚ ਅੰਬਾਲਾ, ਚਰਖੀ-ਦਾਦਰੀ, ਗੁਰੂਗ੍ਰਾਮ, ਮਹਿੰਦਰਗੜ੍ਹ, ਨੂੰਹ, ਪਲਵਲ, ਪੰਚਕੂਲਾ ਅਤੇ ਰਿਵਾੜੀ ਸ਼ਾਮਲ ਹਨ। ਸਰਕਾਰ ਦੇ ਇਸ ਫ਼ੈਸਲੇ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਦੇ ਖਰੀਦ ਅਧਿਕਾਰੀ ਨੇ ਪੱਤਰ ਜਾਰੀ ਕਰਕੇ ਕਿਹਾ ਕਿ ਉਕਤ ਜ਼ਿਲ੍ਹਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 25 ਫ਼ੀਸਦ ਖਰੀਦ ਜ਼ਿਆਦਾ ਕੀਤੀ ਗਈ ਹੈ। ਇਸ ਲਈ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਣਕ ਦੀ ਹੋਰ ਖਰੀਦ ਨਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ ਕਣਕ ਦੀ ਖਰੀਦ ਲਈ ਗੇਟ ਪਾਸ ਜਾਰੀ ਨਾ ਕਰਨ ਦੇ ਆਦੇਸ਼ ਦਿੱਤੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਬੈਂਸ ਦਾ ਕਹਿਣਾ ਹੈ ਕਿ ਸਰਕਾਰ ਝੂਠੇ ਅੰਕੜੇ ਪੇਸ਼ ਕਰਕੇ ਕਣਕ ਦੀ ਸਰਕਾਰੀ ਖਰੀਦ ਅਤੇ ਐੱਮਐੱਸਪੀ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਸਰਕਾਰ 8 ਜ਼ਿਲ੍ਹਿਆਂ ਵਿੱਚ ਪਿਛਲੇ ਸਾਲ ਨਾਲੋਂ 25 ਫ਼ੀਸਦ ਵਧ ਕਣਕ ਦੀ ਆਮਦ ਦਾ ਦਾਅਵਾ ਕਰ ਰਹੀ ਹੈ। ਜਦਕਿ ਹਾਲੇ ਵੀ 10 ਤੋਂ 15 ਫ਼ੀਸਦ ਕਣਕ ਦੀ ਆਮਦ ਬਾਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ‘ਮੇਰੀ ਫ਼ਸਲ ਮੇਰਾ ਬਿਉਰਾ’ ਪੋਰਟਲ ਤਿਆਰ ਕਰਕੇ ਪਹਿਲਾਂ ਹੀ ਕਿਸਾਨਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਹੁਣ ਫ਼ਸਲ ਦੀ ਖਰੀਦ ਬੰਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਕਿਸਾਨਾਂ ਦੀ ਸਾਰੀ ਫ਼ਸਲ ਦੀ ਖਰੀਦ ਲਾਜ਼ਮੀ ਕਰਨੀ ਪਵੇਗੀ। ਕਿਸਾਨਾਂ ਦੀ ਫ਼ਸਲ ਦੀ ਖਰੀਦ ਨਹੀਂ ਕੀਤੀ ਜਾਂਦੀ ਤਾਂ ਸਰਕਾਰ ਖ਼ਿਲਾਫ਼ ਸਖਤ ਕਦਮ ਚੁੱਕਿਆ ਜਾਵੇਗਾ।