ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 1 ਨਵੰਬਰ
ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਅੱਜ ਡੀਏਪੀ ਖਾਦ ਦੀ ਕਾਲਾਬਾਜ਼ਾਰੀ ਰੋਕਣ ਬਾਬੈਨ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਕਿਸਾਨਾਂ ਦੀ ਲੋੜ ਮੁਤਾਬਕ ਖਾਦ ਦੀ ਪੂਰਤੀ ਲਾਜ਼ਮੀ ਕਰਨ ਦੀ ਮੰਗ ਕੀਤੀ।
ਯੂਨੀਅਨ ਦੇ ਆਗੂਆਂ ਨੇ ਸਰਕਾਰ ਦੇ ਖ਼ਿਲਾਫ਼ ਦੱਬ ਕੇ ਨਾਅਰੇਬਾਜ਼ੀ ਕੀਤੀ ਤੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਦੀਵਾਲੀ ਤੱਕ ਖਾਦ ਮੁਹੱਈਆ ਨਾ ਕਰਵਾਈ ਗਈ ਤਾਂ ਭਾਕਿਯੂ ਸੜਕ ਜਾਮ ਕਰੇਗੀ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਉਨ੍ਹਾਂ ਨੇ ਕਣਕ ਦੀ ਬਿਜਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਡੀਏਪੀ ਖਾਦ ਦੀ ਸਪਲਾਈ ਤੁਰੰਤ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਬਲਾਕ ਪ੍ਰਧਾਨ ਸੁਖਵਿੰਦਰ ਭੁਖੜੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਖਾਦ ਵਿਕਰੇਤਾ ਕਿਸਾਨਾਂ ਨੂੰ ਲੋੜ ਮੁਤਾਬਕ ਖਾਦ ਨਹੀਂ ਦੇ ਰਹੇ ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹੈ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਨੂੰ ਲੋੜ ਮੁਤਾਬਕ ਡੀਏਪੀ ਖਾਦ ਦਿੱਤੀ ਜਾਵੇ, ਤਾਂ ਜੋ ਕਿਸਾਨ ਕਣਕ ਦੀ ਬਿਜਾਈ ਕਰ ਸਕਣ।