ਭੁਪਿੰਦਰ ਪੰਨੀਵਾਲੀਆ
ਕਾਲਾਂਵਾਲੀ, 2 ਨਵੰਬਰ
ਧਾਰਮਿਕ ਸੰਸਥਾ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਬੀਤੀ ਦੇਰ ਸ਼ਾਮ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਿਵਾਸ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਵਿਖੇ ਪੁੱਜੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ ਅਤੇ ਇਸ ਤੋਂ ਬਾਅਦ ਜਥੇਦਾਰ ਦਾਦੂਵਾਲ ਨਾਲ ਲਗਪਗ ਇੱਕ ਘੰਟਾ ਬੰਦ ਕਮਰਾ ਮੀਟਿੰਗ ਕੀਤੀ। ਡੇਰਾ ਬਿਆਸ ਮੁਖੀ ਦੇ ਇੱਥੇ ਪੁੱਜਣ ਦੀ ਖ਼ਬਰ ਸ਼ਰਧਾਲੂਆਂ ਨੂੰ ਮਿਲਣ ’ਤੇ ਉਨ੍ਹਾਂ ਨੇ ਗੁਰਦੁਆਰਾ ਦਾਦੂ ਸਾਹਿਬ ਵਿੱਚ ਪੁੱਜ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਜਥੇਦਾਰ ਦਾਦੂਵਾਲ ਨੂੰ ਡੇਰਾ ਬਿਆਸ ਮੁਖੀ ਦੀ ਅਚਾਨਕ ਫੇਰੀ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਡੇਰਾ ਬਿਆਸ ਮੁਖੀ ਪਿਛਲੇ ਲੰਬੇ ਸਮੇਂ ਤੋਂ ਜਦੋਂ ਵੀ ਇਸ ਇਲਾਕੇ ਵਿੱਚ ਆਉਂਦੇ ਹਨ ਤਾਂ ਬਾਕਾਇਦਾ ਉਨ੍ਹਾਂ ਨੂੰ ਮਿਲ ਕੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕ ਕੇ ਹੀ ਜਾਂਦੇ ਹਨ। ਇਸ ਮੁਲਾਕਾਤ ਦੌਰਾਨ ਹੋਈ ਗੱਲਬਾਤ ਬਾਰੇ ਜਾਣਕਾਰੀ ਦਿੰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਇਸ ਦੌਰਾਨ ਗੁਰਬਾਣੀ ਤੇ ਗੁਰ ਇਤਿਹਾਸ ਸਬੰਧੀ ਧਾਰਮਿਕ ਚਰਚਾ ਦੇ ਨਾਲ ਨਾਲ ਸਮਾਜ ਵਿੱਚ ਫੈਲ ਰਹੇ ਨਸ਼ਿਆਂ ’ਤੇ ਚਿੰਤਾ ਪ੍ਰਗਟਾਉਂਦਿਆਂ ਇਨ੍ਹਾਂ ਨੂੰ ਰੋਕਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਤੋਂ ਬਾਅਦ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਖੇਤਰ ਦੇ ਪਿੰਡ ਜਗਮਾਲਵਾਲੀ ਦੇ ਡੇਰਾ ਮਸਤਾਨਾ ਸ਼ਾਹ ਬਿਲੋਚਸਤਾਨੀ ਆਸ਼ਰਮ ਵੀ ਗਏ।
ਮੋਦੀ ਵੱਲੋਂ ਡੇਰਾ ਬਿਆਸ ਦਾ ਦੌਰਾ 5 ਨੂੰ
ਅੰਮ੍ਰਿਤਸਰ (ਟਨਸ): ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਆ ਰਹੇ ਹਨ। ਇਸ ਦੀ ਪੁਸ਼ਟੀ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦੀ ਇਹ ਨਿੱਜੀ ਫੇਰੀ ਹੈ। ਮੋਦੀ 5 ਨਵੰਬਰ ਨੂੰ ਸਵੇਰੇ ਲਗਪਗ 10 ਵਜੇ ਡੇਰਾ ਰਾਧਾ ਸੁਆਮੀ ਬਿਆਸ ਪੁੱਜਣਗੇ। ਮਿਲੀ ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਹਿਮਾਚਲ ਪ੍ਰਦੇਸ਼ ਜਾਣਗੇ। ਇਸ ਪਹਾੜੀ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਹ ਸੁੰਦਰਨਗਰ, ਮੰਡੀ, ਸੋਲਨ ਆਦਿ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਡੇਰਾ ਬਿਆਸ ਦੇ ਹਿਮਾਚਲ ਪ੍ਰਦੇਸ਼ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ਵਿਖੇ ਡੇਰਾ ਬਿਆਸ ਦੇ ਮੁਖੀ ਨਾਲ ਮੁਲਾਕਾਤ ਕੀਤੀ ਸੀ।