ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 31 ਮਾਰਚ
ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਵਰਕਰਾਂ ਵੱਲੋਂ ਕੀਤੇ ਗਏ ਹਮਲੇ ਵਿਰੁੱਧ ਆਮ ਆਦਮੀ ਪਾਰਟੀ ਦੇ ਸੈਂਕੜੇ ਵਰਕਰਾਂ ਨੇ ਬੀਕੇ ਚੌਕ ’ਤੇ ਭਾਜਪਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਪੁਤਲਾ ਫੂਕਿਆ। ਇਸ ਤੋਂ ਪਹਿਲਾਂ ‘ਆਪ’ ਵਰਕਰਾਂ ਨੇ ਭਾਜਪਾ ਸਰਕਾਰ, ਅਮਿਤ ਸ਼ਾਹ ਮੁਰਦਾਬਾਦ ਦੇ ਨਾਅਰੇ ਲਾਏ ਤੇ ਭਾਜਪਾ ਵਾਲਿਆਂ ਨੂੰ ਗੁੰਡਾ ਅਨਸਰ ਕਰਾਰ ਦਿੱਤਾ। ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਧਰਮਬੀਰ ਭਡਾਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਧ ਰਹੀ ਲੋਕਪ੍ਰਿਅਤਾ ਭਾਜਪਾ ਤੋਂ ਬਰਦਾਸ਼ਤ ਨਹੀਂ ਹੋ ਰਹੀ ਤੇ ਕੇਜਰੀਵਾਲ ’ਤੇ ਕੀਤਾ ਹਮਲਾ ਭਾਜਪਾ ਦੇ ਗੁੱਸੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ਦੇ ਲੋਕ ਆਮ ਆਦਮੀ ਪਾਰਟੀ ਨੂੰ ਪਸੰਦ ਕਰਨ ਲੱਗ ਪਏ ਹਨ ਅਤੇ ਕਹਿਣ ਲੱਗੇ ਹਨ ਕਿ ਜੇਕਰ ਕੋਈ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਹੋਵੇਗਾ ਤਾਂ ਉਹ ਅਰਵਿੰਦ ਕੇਜਰੀਵਾਲ ਹੋਵੇਗਾ। ਭਡਾਨਾ ਨੇ ਕਿਹਾ ਕਿ ਭਾਜਪਾ ਸੱਤਾ ਦੇ ਮੁੱਖ ਮੰਤਰੀ ਕਹਿੰਦੇ ਹਨ ਕਿ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਤੋਂ ਇਸ ਦੀ ਵਸੂਲੀ ਕੀਤੀ ਜਾਵੇਗੀ, ਅਜਿਹੇ ’ਚ ਵੱਡਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਕੀ ਭਾਜਪਾ ਦੇ ਇਹ ਗੁੰਡੇ ਸਰਕਾਰੀ ਜਾਇਦਾਦ ਦੇ ਨੁਕਸਾਨ ਦੀ ਭਰਪਾਈ ਕਰ ਸਕਣਗੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਭੀਮ ਯਾਦਵ ਨੇ ਕਿਹਾ ਕਿ ਫਰੀਦਾਬਾਦ ਵਿੱਚ ਭ੍ਰਿਸ਼ਟਾਚਾਰ ਆਪਣੇ ਸਿਖਰ ’ਤੇ ਹੈ, ਭਾਜਪਾ ਵਿਧਾਇਕਾਂ ਨੇ ਖੁਦ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਉਹ ਭ੍ਰਿਸ਼ਟਾਚਾਰ ਤੋਂ ਦੁਖੀ ਹਨ।