ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਦਸੰਬਰ
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਸ਼ਹੀਦੀ ਨੂੰ ਸਮਰਪਿਤ ਹੋ ਕੇ ਦਿੱਲੀ ਦੇ ਗੁਰਦੁਆਰਾ ਸਾਹਿਬ ਮਾਤਾ ਸੁੰਦਰੀ ਵਿਖੇ ਦੀਵਾਨ ਸਜਾਏ ਗਏ, ਜਿਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਸਮੇਤ ਹੋਰਨਾਂ ਬੁਲਾਰਿਆਂ ਨੇ ਪੁੱਜ ਕੇ ਆਪਣੇ ਗੌਰਵਮਈ ਇਤਿਹਾਸ ਦੀ ਜਾਣਕਾਰੀ ਸੰਗਤਾਂ ਨੂੰ ਦਿੱਤੀ।
ਸਵੇਰ ਅੰਮ੍ਰਿਤ ਵੇਲੇ ਤੋਂ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ, ਗੁਰਬਾਣੀ ਵਿਚਾਰ ਹੋਈ। ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਵੱਲੋਂ ਸੰਗਤਾਂ ਨੂੰ ਨਾਮ ਸਿਮਰਨ ਕਰਵਾਇਆ ਗਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਅੱਜ ਸੰਸਾਰ ਭਰ ਦੀ ਸੰਗਤ ਨੂੰ ਸਵੇਰ 10 ਤੋਂ 10.15 ਤੱਕ ਮੂਲਮੰਤਰ ਅਤੇ ਗੁਰਮੰਤਰ ਦਾ ਜਾਪ ਕਰ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਦੀ ਅਪੀਲ ਕੀਤੀ ਸੀ, ਜਿਸ ਦੇ ਚਲਦੇ ਸੰਗਤ ਨੇ ਮੂਲਮੰਤਰ ਦਾ ਜਾਪ ਕੀਤਾ। ਕਮੇਟੀ ਪ੍ਰਧਾਨ ਤੇ ਜਨਰਲ ਸਕੱਤਰ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਸਾਹਿਬ ਦੇ 2 ਵੱਡੇ ਸਾਹਿਬਜ਼ਾਦੇ ਚਮਕੌਰ ਦੀ ਜੰਗ ’ਚ ਸ਼ਹੀਦ ਹੋਏ ਉੱਥੇ ਹੀ 2 ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਨੇ ਠੰਡੇ ਬੁਰਜ ’ਚ ਰਾਤ ਗੁਜ਼ਾਰਨ ਤੋਂ ਬਾਅਦ ਸਾਹਿਬਜ਼ਾਦਿਆਂ ਨੂੰ ਸਰਹੰਦ ਦੀ ਦੀਵਾਰਾਂ ਵਿਚ ਚਿਣਵਾ ਦਿੱਤਾ ਗਿਆ। ਇਸੇ ਦੇ ਚੱਲਦੇ 20 ਦਸੰਬਰ ਤੋਂ ਲੈ ਕੇ 27 ਦਸੰਬਰ ਤੱਕ ਹਰ ਵਰ੍ਹੇ ਸ਼ਹੀਦੀ ਹਫ਼ਤੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ। ਸਾਨੂੰ ਆਪਣੇ ਬੱਚਿਆਂ ਨੂੰ ਇਸ ਗੌਰਵਮਈ ਵਿਰਸੇ ਦੀ ਜਾਣਕਾਰੀ ਜ਼ਰੂਰ ਦਈਏ।