ਪੱਤਰ ਪ੍ਰੇਰਕ
ਕਾਲਾਂਵਾਲੀ, 22 ਅਗਸਤ
ਇੱਥੇ ਕਾਲਾਂਵਾਲੀ ਅਤੇ ਆਸਪਾਸ ਦੇ ਪਿੰਡਾਂ ’ਚ ਮੀਂਹ ਪੈਣ ਨਾਲ ਜਿੱਥੇ ਫਸਲਾਂ ਨੂੰ ਲਾਭ ਹੋਇਆ ਹੈ, ਉਥੇ ਹੀ ਦੂਜੇ ਪਾਸੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਸਣੇ ਜ਼ਿਆਦਾਤਰ ਖੇਤਰਾਂ ਵਿੱਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੀਂਹ ਕਾਰਨ ਸ਼ਹਿਰ ਦੀ ਨਵੀਂ ਅਨਾਜ ਮੰਡੀ, ਟੈਲੀਫੋਨ ਐਕਸਚੇਂਜ ਰੋਡ, ਬੱਸ ਸਟੈਂਡ ਰੋਡ, ਪੰਜਾਬ ਬੱਸ ਸਟੈਂਡ, ਡਾਕਟਰ ਮਾਰਕੀਟ, ਮੋਬਾਈਲ ਮਾਰਕੀਟ, ਸ੍ਰੀ ਕ੍ਰਿਸ਼ਨ ਗਊਸ਼ਾਲਾ ਮੁਹੱਲਾ, ਆਰੀਆ ਸਮਾਜ ਮੁਹੱਲਾ ਸਣੇ ਹੋਰ ਨੀਵੇਂ ਖੇਤਰਾਂ ਵਿੱਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਉੱਥੇ ਪਾਣੀ ਭਰ ਜਾਣ ਕਾਰਨ ਪੈਦਲ ਚੱਲਣ ਵਾਲਿਆਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਦੇ ਮਾਡਲ ਟਾਊਨ ਦੇ ਆਰ-2 ਇਲਾਕੇ ਵਿੱਚ ਵੀ ਦੋ ਫੁੱਟ ਤੱਕ ਪਾਣੀ ਭਰ ਗਿਆ। ਉਧਰ, ਹੁੱਡਾ ਦੇ ਪਾਰਕਾਂ ਵਿੱਚ ਕਈ-ਕਈ ਫੁੱਟ ਤੱਕ ਪਾਣੀ ਭਰ ਗਿਆ। ਲੋਕਾਂ ਨੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।