ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਜੁਲਾਈ
ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਜਨ ਨਾਇਕ ਜਨਤਾ ਪਾਰਟੀ (ਜੇਜੇਪੀ) ਦੇ ਸੀਨੀਅਰ ਆਗੂ ਦੁਸ਼ਿਅੰਤ ਚੌਟਾਲਾ ਨੇ ਨਾਇਬ ਸਿੰਘ ਸੈਣੀ ਸਰਕਾਰ ਦੇ ਤਿੰਨ ਮਹੀਨੇ ਪੂਰੇ ਹੋਣ ’ਤੇ ਸਿਆਸੀ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਨਾਇਬ ਸਿੰਘ ਸੈਣੀ ਨੂੰ ਮੁੱਖ ਮੰਤਰੀ ਬਣੇ 90 ਦਿਨ ਬੀਤ ਚੁੱਕੇ ਹਨ, ਪਰ ਅੱਜ ਵੀ ਸ੍ਰੀ ਸੈਣੀ ‘ਵੱਡੇ ਸਾਹਿਬ’ ਨੂੰ ਪੁੱਛ ਕੇ ਸਾਰੇ ਕੰਮ ਕਰ ਰਹੇ ਹਨ। ਇਸੇ ਕਰ ਕੇ ਸੂਬੇ ਦੀ ਹਾਲਤ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਸ਼ਾਸਨਿਕ ਤੇ ਕਾਨੂੰਨ ਵਿਵਸਥਾ ਦੇ ਬੁਰੇ ਹਾਲ ਹਨ। ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਵਾਉਣ ਲਈ ਧੱਕੇ ਖਾਣੇ ਪੈ ਰਹੇ ਹਨ। ਦੁਸ਼ਿਅੰਤ ਚੌਟਾਲਾ ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਸਹੁੰ ਚੁੱਕਣ ਦੇ ਬਾਅਦ ਤੋਂ ਹੀ ਲਗਾਤਾਰ ਸੂਬੇ ਵਿੱਚ ਲੁੱਟ-ਖੋਹ, ਡਕੈਤੀ ਤੇ ਕਤਲ ਵਰਗੀਆਂ ਘਟਨਾਵਾਂ ਵਧ ਗਈਆਂ ਹਨ, ਪਰ ਪੁਲੀਸ ਹਮਲਾਵਰਾਂ ਨੂੰ ਕਾਬੂ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਪੁਲੀਸ ਹਾਂਸੀ ਵਿੱਚ ਜੇਜੇਪੀ ਨੇਤਾ ਰਵਿੰਦਰ ਸੈਣੀ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।
ਸ੍ਰੀ ਚੌਟਾਲਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦੀ ਬਕਾਇਆ ਰਕਮ ਨਾ ਮਿਲਣ ’ਤੇ ਸੂਬੇ ਦੇ ਸਾਰੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਹੜਤਾਲ ਕੀਤੀ ਗਈ ਹੈ। ਦੂਜੇ ਪਾਸੇ, ਸੂਬੇ ਦੇ ਚਾਰ ਹਜ਼ਾਰ ਦੇ ਕਰੀਬ ਸਰਕਾਰੀ ਡਾਕਟਰਾਂ ਨੇ ਵੀ 15 ਜੁਲਾਈ ਤੋਂ ਹੜਤਾਲ ’ਤੇ ਜਾਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੇ ਹੜਤਾਲ ’ਤੇ ਜਾਣ ਉਪਰੰਤ ਸੂਬੇ ਵਿੱਚ ਸਿਹਤ ਵਿਵਸਥਾ ਦੀ ਹਾਲਤ ਵਿਗੜ ਜਾਵੇਗੀ, ਲੋਕਾਂ ਨੂੰ ਇਲਾਜ ਕਰਵਾਉਣ ਵਿੱਚ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਨਿੱਜੀ ਹਸਪਤਾਲਾਂ ਦੀ ਬਕਾਇਆ ਰਕਮ ਤੁਰੰਤ ਜਾਰੀ ਕਰੇ ਅਤੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀਆਂ ਮੰਗਾਂ ਵੀ ਜਲਦ ਪੂਰੀਆਂ ਕਰੇ। ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਚਹੇਤੇ ਬਿਲਡਰਾਂ ਨੂੰ ਲਾਭ ਪਹੁੰਚਾਉਣ ਲਈ ਸੂੂਬੇ ਵਿੱਚ ਚਾਰ ਮੰਜ਼ਿਲਾ ਇਮਾਰਤਾਂ ਬਣਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ, ਜੋ ਲੋਕਾਂ ਦੇ ਹਿੱਤ ਵਿੱਚ ਨਹੀਂ ਹੈ। ਉਨ੍ਹਾਂ ਨੇ ਸੂਬੇ ਵਿੱਚ ਚਾਰ ਮੰਜ਼ਿਲਾਂ ਇਮਾਰਤਾਂ ਬਣਾਉਣ ਦੇ ਫ਼ੈਸਲੇ ਦਾ ਵਿਰੋਧ ਕੀਤਾ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਚਾਰ ਮੰਜ਼ਿਲਾ ਇਮਾਰਤਾਂ ਦੀ ਉਸਾਰੀ ਦੇ ਫ਼ੈਸਲੇ ਨੂੰ ਵਾਪਸ ਲਵੇ ਨਹੀਂ ਤਾਂ ਜੇਜੇਪੀ ਵੱਲੋਂ ਸੂਬਾ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਜਾਵੇਗਾ।