ਪੱਤਰ ਪ੍ਰੇਰਕ
ਜੀਂਦ, 8 ਜੁਲਾਈ
ਆਮ ਆਦਮੀ ਪਾਰਟੀ ਦੇ ਸੂਬਾਈ ਪ੍ਰਧਾਨ ਅਤੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਨੇ ਇੱਥੇ ਰੈਸਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਸੰਕਟ ਨੂੰ ਲੈ ਕੇ ਖੱਟਰ ਸਰਕਾਰ ਨੂੰ ਘੇਰਿਆ। ਇਸ ਦੌਰਾਨ ਉਨ੍ਹਾਂ ਕਿਹਾ ਹੈ ਕਿ ਜਗਮਗ ਯੋਜਨਾ ਦੇ ਨਾਮ ’ਤੇ ਪ੍ਰਦੇਸ਼ ਦੇ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਸਮਾਰਟ ਮੀਟਰ ਦੇ ਨਾਮ ਉੱਤੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ 9 ਸਾਲਾਂ ਤੋਂ ਖੱਟਰ ਸਰਕਾਰ ਨੇ ਹਰਿਆਣਾ ਵਿੱਚ ਇੱਕ ਵੀ ਪਾਵਰ ਪਲਾਂਟ ਨਹੀਂ ਲਗਾਇਆ। ਇਸ ਨੂੰ ਲੈ ਕੇ ਆਮ ਆਦਮੀ ਪਾਰਟੀ 9 ਜੁਲਾਈ ਨੂੰ ਬਿਜਲੀ ਅੰਦੋਲਨ ਸ਼ੁਰੂ ਕਰ ਰਹੀ ਹੈ, ਜਿਸ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਦੇ ਇੱਕ ਕਿਸਾਨ ਨੇ ਸਾਲ 2019 ਵਿੱਚ ਟਿਊਬਵੈਲ ਕੁਨੈਕਸ਼ਨ ਲਈ ਅਪਲਾਈ ਕੀਤਾ ਸੀ ਪਰ ਅੱਜ ਤੱਕ ਉਸ ਨੂੰ ਕੁਨੈਕਸ਼ਨ ਨਹੀਂ ਦਿੱਤਾ ਗਿਆ।