ਪ੍ਰਭੂ ਦਿਆਲ
ਸਿਰਸਾ, 30 ਅਗਸਤ
ਕਰਨਾਲ ਵਿੱਚ ਕਿਸਾਨਾਂ ’ਤੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ’ਤੇ ਰੋਸ ਜਤਾਉਂਦਿਆਂ ਕਰਮਚਾਰੀਆਂ ਨੇ ਕਿਸਾਨਾਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਿਆ ਹੈ। ਕਰਮਚਾਰੀਆਂ ਨੇ ਗੇਟ ਮੀਟਿੰਗ ਕਰ ਕੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਪਹਿਲੀ ਸਤੰਬਰ ਨੂੰ ਡਿਪਟੀ ਕਮਿਸ਼ਨਰ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਲਿਆ ਹੈ।
ਹਰਿਆਣਾ ਰੋਡਵੇਜ਼ ਵਰਕਸ ਯੂਨੀਅਨ ਦੇ ਡਿੱਪੂ ਪ੍ਰਧਾਨ ਪ੍ਰਿਥਵੀ ਸਿੰਘ ਚਾਹਰ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲੀਸ ਨੇ ਕਿਸਾਨਾਂ ’ਤੇ ਲਾਠੀਚਾਰਜ ਕਰ ਕੇ ਗੋਰਿਆਂ ਦੀ ਯਾਦ ਨੂੰ ਤਾਜ਼ਾ ਕਰ ਦਿੱਤਾ ਹੈ। ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਨੌਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਸ਼ਾਂਤਮਈ ਧਰਨਾ ਦੇ ਰਹੇ ਹਨ ਪਰ ਸਰਕਾਰ ਨੇ ਤਾਨਾਸ਼ਾਹ ਰਵੱਈਆ ਅਖ਼ਤਿਆਰ ਕੀਤਾ ਹੋਇਆ ਹੈ। ਸੰਵਿਧਾਨ ’ਚ ਮਿਲੇ ਹੱਕ ਨੂੰ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਸਿਰਫ਼ ਕਿਸਾਨਾਂ ਦੀ ਨਹੀਂ ਦੇਸ਼ ਦੇ ਲੋਕਤੰਤਰ ਨੂੰ ਬਚਾਉਣ ਦੀ ਵੀ ਹੈ। ਚਾਹਰ ਨੇ ਕਿਹਾ ਕਿ ਸਰਕਾਰ ਬਿਨਾਂ ਸ਼ਰਤ ਕਿਸਾਨਾਂ ਤੋਂ ਮੁਆਫ਼ੀ ਮੰਗੇ ਤੇ ਤਿੰਨੇ ਖੇਤੀ ਕਾਨੂੰਨ ਤੁਰੰਤ ਰੱਦ ਕਰ ਕੇ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੇ ਹੁਕਮ ਦੇਣ ਵਾਲੇ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗਿ੍ਰਫ਼ਤਾਰ ਕੀਤਾ ਜਾਵੇ।
ਇਸ ਮੌਕੇ ਰਾਜੇਸ਼ ਕੁਮਾਰ, ਬੁੱਧ ਰਾਮ, ਸੰਦੀਪ ਕੁਮਾਰ, ਸੁਨੀਲ ਕੁਮਾਰ, ਇੰਦਰਾਜ ਸਿੰਘ ਨੇ ਵੀ ਵਿਚਾਰ ਪ੍ਰਗਟ ਕੀਤੇ।