ਆਤਿਸ਼ ਗੁਪਤਾ
ਚੰਡੀਗੜ੍ਹ, 25 ਦਸੰਬਰ
ਦਿੱਲੀ ਬਾਰਡਰ ’ਤੇ ਬੈਠੀਆਂ ਕਿਸਾਨ ਯੂਨੀਅਨਾਂ ਦੇ ਸੱਦੇ ’ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਹਰਿਆਣਾ ਦੇ ਸਾਰੇ ਟੌਲ ਪਲਾਜ਼ਿਆਂ ਦਾ ਘਿਰਾਓ ਕਰਕੇ ਪਰਚੀ ਮੁਕਤ ਕਰਵਾ ਦਿੱਤਾ ਹੈ। ਇਸ ਦੇ ਨਾਲ ਹੀ ਕਿਸਾਨ ਯੂਨੀਅਨਾਂ ਨੇ ਜੀਂਦ ਦੇ ਵਿਧਾਇਕ ਡਾ. ਕ੍ਰਿਸ਼ਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਹੈ। ਕਿਸਾਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਹਰ ਸਮਾਗਮ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਯੂਨੀਅਨਾਂ ਦੇ ਸੱਦੇ ’ਤੇ ਕਈ ਟੌਲ ਪਲਾਜ਼ਿਆਂ ’ਤੇ ਪਹਿਲਾਂ ਹੀ ਵਸੂਲੀ ਬੰਦ ਕਰ ਦਿੱਤੀ ਗਈ ਜਦਕਿ ਰਹਿੰਦੇ ਟੌਲਾਂ ’ਤੇ ਕਿਸਾਨ ਆਗੂਆਂ ਨੇ ਸਵੇਰੇ ਹੀ ਧਰਨੇ ਦੇ ਦਿੱਤੇ ਅਤੇ ਪਰਚੀ ਮੁਕਤ ਕਰਵਾ ਦਿੱਤੇ। ਇਸ ਦੌਰਾਨ ਸਾਰੇ ਵਾਹਨਾਂ ਨੂੰ ਬਿਨਾਂ ਟੌਲ ਦਿੱਤੇ ਹੀ ਲੰਘਾਇਆ ਗਿਆ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਪੰਚਕੂਲਾ ਅਤੇ ਅੰਬਾਲਾ ਸਣੇ ਹੋਰਨਾਂ ਥਾਵਾਂ ’ਤੇ ਕਿਸਾਨ ਆਗੂਆਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਕ ਮਹੀਨੇ ਤੋਂ ਦਿੱਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ 44 ਕਿਸਾਨਾਂ ਦੀ ਮੌਤ ਹੋਣ ਦੇ ਬਾਵਜੂਦ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਛੱਡਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ 26 ਤੇ 27 ਦਸੰਬਰ ਨੂੰ ਹਰਿਆਣਾ ’ਚ ਭਾਜਪਾ ਅਤੇ ਉਸ ਦੀ ਭਾਈਵਾਲ ਪਾਰਟੀ ਤੋਂ ਚੁਣੇ ਗਏ ਨੁਮਾਇੰਦਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦਿੰਦਿਆਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ।
ਸ੍ਰੀ ਚੜੂਨੀ ਨੇ ਕਿਹਾ ਕਿ ਕਿਸਾਨਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਹਰ ਸਮਾਗਮ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਬਾਨੀ/ਅਡਾਨੀ ਦੀਆਂ ਕੰਪਨੀਆਂ ਦੇ ਬਣੇ ਸਾਮਾਨ ਅਤੇ ਹੋਰਨਾਂ ਸੇਵਾਵਾਂ ਦਾ ਬਾਈਕਾਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐੱਮਐੱਸਪੀ ਤੈਅ ਕਰਨ ਦੇ ਨਾਮ ’ਤੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ ਜਦਕਿ ਕਿਸਾਨਾਂ ਨੂੰ ਫ਼ਸਲਾਂ ਦੀ ਐੱਮਐੱਸਪੀ ’ਤੇ ਖਰੀਦ ਦੀ ਗਾਰੰਟੀ ਚਾਹੀਦੀ ਹੈ।