ਨਿੱਜੀ ਪੱਤਰ ਪ੍ਰੇਰਕ
ਸਿਰਸਾ, 21 ਸਤੰਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਈ ਕਿਸਾਨਾਂ ਦੇ ਘਰਾਂ ’ਚ ਬਿਜਲੀ ਵਿਭਾਗ ਵੱਲੋਂ ਛਾਪੇ ਮਾਰ ਕੇ ਜੁਰਮਾਨਾ ਲਾਏ ਜਾਣ ਖ਼ਿਲਾਫ਼ ਕਿਸਾਨਾਂ ਨੇ ਅੱਜ ਬਰਨਾਲਾ ਰੋਡ ਸਥਿਤ ਬਿਜਲੀ ਘਰ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਬਿਜਲੀ ਨਿਗਮ ਦੇ ਅਧਿਕਾਰੀਆਂ ਤੇ ਬਿਜਲੀ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਿਜਲੀ ਨਿਗਮ ਦੇ ਦਫ਼ਤਰ ਦਾ ਘਿਰਾਓ ਕਰ ਰਹੇ ਭਾਰਤੀ ਕਿਸਾਨ ਏਕਤਾ ਦੇ ਸੂਬਾਈ ਪ੍ਰਧਾਨ ਲੱਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਜਿਹੜੇ ਕਿਸਾਨ ਅੰਦੋਲਨ ਵਿੱਚ ਜ਼ਿਆਦਾ ਸਰਗਰਮ ਹਨ, ਉਨ੍ਹਾਂ ਨੂੰ ਹੁਣ ਬਿਜਲੀ ਨਿਗਮ ਦੇ ਅਧਿਕਾਰੀਆਂ ਵੱਲੋਂ ਘਰਾਂ ’ਚ ਛਾਪੇ ਮਾਰਕੇ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਥੇ ਕਿਸਾਨਾਂ ਨੂੰ ਤੰਗ ਕੀਤਾ ਜਾ ਰਿਹਾ ਹੈ ਉਥੇ ਹੀ ਨਾਜਾਇਜ਼ ਜੁਰਮਾਨੇ ਵੀ ਕੀਤੇ ਜਾ ਰਹੇ ਹਨ। ਪਿੰਡ ਮੋਰੀਵਾਲਾ ਦੇ ਇਕ ਕਿਸਾਨ ਨੂੰ ਕਥਿਤ ਤੌਰ ’ਤੇ 70 ਹਜ਼ਾਰ ਦਾ ਜੁਰਮਾਨਾ ਕੀਤਾ ਗਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜੁਰਮਾਨੇ ਨੂੰ ਦਸ ਦਿਨਾਂ ’ਚ ਮੁਆਫ਼ ਨਾ ਕੀਤਾ ਗਿਆ ਤੇ ਬਿਜਲੀ ਅਧਿਕਾਰੀਆਂ ਵੱਲੋਂ ਛਾਪਿਆਂ ਦੀ ਕਾਰਵਾਈ ਨੂੰ ਨਾ ਰੋਕਿਆ ਗਿਆ ਤਾਂ ਉਹ ਅੰਦੋਲਨ ਤਿੱਖਾ ਕਰਨਗੇ।