ਪ੍ਰਭੂ ਦਿਆਲ
ਸਿਰਸਾ, 14 ਦਸੰਬਰ
ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਵੱਡੀ ਗਿਣਤੀ ‘ਚ ਕਿਸਾਨਾਂ ਨੇ ਅੱਜ ਡਿਪਟੀ ਕਮਿਸ਼ਨਰ ਦਾ ਘਿਰਾਓ ਕਰਨ ਮਗਰੋਂ ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ ਦੇ ਘਰ ਦਾ ਘਿਰਾਓ ਕੀਤਾ। ਇਸ ਦੌਰਾਨ ਕਿਸਾਨਾਂ ਨੇ ਪੁਲੀਸ ਵੱਲੋਂ ਥਾਂ-ਥਾਂ ‘ਤੇ ਲਾਈਆਂ ਗਈਆਂ ਰੋਕਾਂ ਨੂੰ ਤੋੜਿਆ ਤੇ ਸੰਸਦ ਮੈਂਬਰ ਦੇ ਘਰ ਮੁੂਹਰੇ ਜਾ ਧਰਨਾ ਲਾਇਆ। ਧਰਨੇ ਵਿੱਚ ਕਿਸਾਨਾਂ , ਮਹਿਲਾਵਾਂ ਤੋਂ ਇਲਾਵਾ ਕਰਮਚਾਰੀ ਜਥੇਬੰਦੀਆਂ ਨਾਲ ਜੁੜੇ ਕਰਮਚਾਰੀਆਂ ਨੇ ਵੀ ਸ਼ਿਰਕਤ ਕੀਤੀ। ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਕਿਸਾਨ ਸ਼ਹੀਦ ਭਗਤ ਸਿੰਘ ਸਟੇਡੀਅਮ ‘ਚ ਇਕੱਠੇ ਹੋਏ, ਜਿਥੋਂ ਪ੍ਰਦਰਸ਼ਨ ਕਰਦੇ ਹੋਏ ਡਿਪਟੀ ਕਮਿਸ਼ਨਰ ਦਫ਼ਤਰ ਪੁੱਜ ਤੇ ਦਫ਼ਤਰ ਦਾ ਘਿਰਾਓ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਡੀ.ਸੀ. ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ।
ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਏ। ਜੇ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਤਾਂ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ। ਇਸ ਮਗਰੋਂ ਕਿਸਾਨ ਪ੍ਰਦਰਸ਼ਨ ਕਰਦੇ ਹੋਏ ਸੰਸਦ ਮੈਂਬਰ ਸੁਨੀਤਾ ਦੁੱਗਲ ਦੇ ਘਰ ਪੁੱਜ ਤੇ ਘਰ ਦਾ ਘਿਰਾਓ ਕੀਤਾ। ਇਸ ਦੌਰਾਨ ਪੁਲੀਸ ਨੇ ਕਈ ਥਾਵਾਂ ‘ਤੇ ਰੋਕਾਂ ਲਾਈਆਂ ਹੋਈਆਂ ਸਨ, ਜਿਨ੍ਹਾਂ ਨੂੰ ਤੋੜਦੇ ਹੋਏ ਕਿਸਾਨ ਸੁਨੀਤਾ ਦੁੱਗਲ ਦੇ ਘਰ ਦੇ ਬੁੂਹੇ ‘ਤੇ ਪਹੁੰਚੇ ਤੇ ਧਰਨਾ ਲਾਇਆ। ਇਸ ਦੌਰਾਨ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਤੋਂ ਇਲਾਵਾ ਭਾਜਪਾ ਆਗੂਆਂ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।