ਮਹਾਵੀਰ ਮਿੱਤਲ
ਜੀਂਦ, 2 ਫਰਵਰੀ
ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਬੱਦੋਵਾਲ ਟੌਲ ਪਲਾਜ਼ਾ ’ਤੇ ਜਾਰੀ ਧਰਨੇ ਦੌਰਾਨ ਕਿਸਾਨਾਂ ਦੀ ਲੜੀਵਾਰ ਭੁੱਖ ਹੜਤਾਲ ਚੌਥੇ ਦਿਨ ਵਿੱਚ ਦਾਖ਼ਲ ਹੋ ਗਈ ਹੈ। ਅੱਜ ਪੰਜ ਕਿਸਾਨ ਭੁੱਖ ਹੜਤਾਲ ’ਤੇ ਬੈਠੇ। ਇਸ ਤੋਂ ਇਲਾਵਾ ਟੌਲ ਪਲਾਜ਼ਾ ’ਤੇ ਵੱਡੀ ਗਿਣਤੀ ਕਿਸਾਨਾਂ ਨੇ ਧਰਨਾ ਦਿੱਤਾ, ਜਿਸ ਵਿੱਚ ਔਰਤਾਂ ਨੇ ਕਾਫ਼ੀ ਮਾਤਰਾ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਕਿਸਾਨਾਂ ਨੇ ਇੰਟਰਨੈੱਟ ਦੀ ਸਹੂਲਤ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਰੋਡ ਜਾਮ ਕਰਨ ਦੀ ਵੀ ਚਿਤਾਵਨੀ ਦਿੱਤੀ ਹੈ, ਜਿਸ ਮਗਰੋਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਪਹੁੰਚੇ ਅਤੇ ਧਰਨੇ ’ਤੇ ਬੈਠੇ ਕਿਸਾਨਾਂ ਨਾਲ ਮੀਟਿੰਗ ਕੀਤੀ। ਕਿਸਾਨਾਂ ਨੇ ਕਿਹਾ ਕਿ ਇੰਟਰਨੈੱਟ ਦੀ ਸਹੂਲਤ ਬਗੈਰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀ ਕਿਸਾਨਾਂ ਦੇ ਧਰਨੇ ਜਾਰੀ ਰਹਿਣਗੇ। ਇਸ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨੂੰ ਛੇਤੀ ਹੀ ਇੰਟਰਨੈੱਟ ਦੀ ਸਹੂਲਤ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਖਟਕੜ ਟੌਲ ਪਲਾਜ਼ਾ ’ਤੇ ਪਹੁੰਚਣਗੇ ਰਾਕੇਸ਼ ਟਿਕੈਤ: ਪਾਲਵਾਂ
ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਆਜ਼ਾਦ ਪਾਲਵਾਂ ਨੇ ਦੱਸਿਆ ਕਿ 3 ਫਰਵਰੀ ਨੂੰ ਰਾਕੇਸ਼ ਟਿਕੈਤ ਖਟਕੜ ਟੌਲ ਪਲਾਜ਼ਾ ’ਤੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਵੀ ਪਹੁੰਚਣਗੇ। ਖਟਕੜ ਟੌਲ ਪਲਾਜ਼ਾ ਜੀਂਦ ਵਿੱਚ ਕਿਸਾਨ ਅੰਦੋਲਨ ਦਾ ਸਭ ਤੋਂ ਵੱਡਾ ਕੇਂਦਰ ਬਣਿਆ ਹੋਇਆ ਹੈ। ਇਸ ਟੌਲ ਪਲਾਜ਼ਾ ’ਤੇ ਇਨੈਲੋ ਨੇਤਾ ਅਭੈ ਸਿੰਘ ਚੌਟਾਲਾ, ਕਾਂਗਰਸੀ ਸੰਸਦ ਦੀਪਿੰਦਰ ਹੁੱਡਾ, ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਸਮੇਤ ਵਿਰੋਧੀ ਦਲਾਂ ਦੇ ਸਾਰੇ ਵੱਡੇ ਆਗੂ ਨੇ ਪੁੱਜ ਕੇ ਕਿਸਾਨ ਅੰਦੋਲਨ ਦਾ ਸਮਰਥਨ ਕਰ ਚੁੱਕੇ ਹਨ। ਖਟਕੜ ਟੌਲ ਪਲਾਜ਼ਾ ’ਤੇ ਟਿਕੈਤ ਦੀ ਸਭਾ ਨੂੰ ਲੈ ਕੇ ਖੇੜਾ ਖਾਪ, ਦਾੜਨ ਖਾਪ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਦੇ ਵਰਕਰਾਂ ਨੇ ਪਿੰਡ ਵਿੱਚ ਕਿਸਾਨ ਸੰਪਰਕ ਨੂੰ ਤੇਜ਼ ਕੀਤਾ ਹੋਇਆ ਹੈ।