ਪ੍ਰਭੂ ਦਿਆਲ
ਸਿਰਸਾ, 8 ਅਕਤੂਬਰ
ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਅਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਘਰ ਨੇੜੇ ਸ਼ਹੀਦ ਭਗਤ ਸਿੰਘ ਸਟੇਡੀਅਮ ਦੇ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਦੁਸ਼ਿਅੰਤ ਚੌਟਾਲਾ ਅਤੇ ਰਣਜੀਤ ਸਿੰਘ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਪੁਲੀਸ ਨੇ ਹਿਰਾਸਤ ਵਿੱਚ ਲਏ ਗਏ ਸਵਰਾਜ ਇੰਡੀਆ ਪਾਰਟੀ ਦੇ ਕਨਵੀਨਰ ਯੋਗੇਂਦਰ ਯਾਦਵ, ਰਾਜੀਵ ਗੋਦਾਰਾ, ਅਮਰ ਇੰਦਰਜੀਤ ਸਿੰਘ, ਪ੍ਰਹਿਲਾਦ ਸਿੰਘ ਭਾਰੂਖੇੜਾ ਸਮੇਤ ਸਾਰੇ ਕਿਸਾਨ ਆਗੂਆਂ ਨੂੰ ਬੁੱਧਵਾਰ ਦੇਰ ਰਾਤ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ।
ਸ੍ਰੀ ਯਾਦਵ, ਰਾਜੀਵ ਗੋਦਾਰਾ ਐਡਵੋਕੇਟ, ਸੁਰੇਸ਼ ਮਹਿਤਾ, ਅਮਰ ਇੰਦਰਜੀਤ ਸਿੰਘ ਐਡਵੋਕੇਟ, ਪ੍ਰਹਿਲਾਦ ਸਿੰਘ ਭਾਰੂਖੇੜਾ, ਦਿਲਬਾਗ ਸਿੰਘ ਹੁੱਡਾ, ਵਿਕਾਸ ਸਿਮਰ, ਡਾ. ਸੁਖਦੇਵ ਸਿੰਘ ਜੰਮੂ, ਬਲਰਾਜ ਸਿੰਘ ਬਣੀ ਸਮੇਤ ਹੋਰ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਹੈ। ਜ਼ਿਕਰਯੋਗ ਹੈ ਕਿ ਬਾਬਾ ਭੂਮਣ ਸ਼ਾਹ ਚੌਕ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨੇ ’ਤੇ ਬੈਠੇ ਯੋਗੇਂਦਰ ਯਾਦਵ ਤੇ ਰਾਜੀਵ ਗੋਦਾਰਾ ਸਮੇਤ 93 ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ ਸੀ। ਪੁਲੀਸ ਵੱਲੋਂ ਕਿਸਾਨਾਂ ਨੂੰ ਉਦੋਂ ਬਿਨਾਂ ਸ਼ਰਤ ਰਿਹਾਅ ਕਰਨਾ ਪਿਆ ਜਦੋਂ ਕਿਸਾਨਾਂ ਨੇ ਥਾਣੇ ਦੇ ਅੰਦਰ ਅਤੇ ਬਾਹਰ ਧਰਨੇ ਸ਼ੁਰੂ ਕਰ ਦਿੱਤੇ ਸਨ। ਕਿਸਾਨਾਂ ਨੇ ਰੋਸ ਵਜੋਂ ਕਈ ਥਾਵਾਂ ’ਤੇ ਰੋਡ ਵੀ ਜਾਮ ਕੀਤੀ ਸੀ।